ਸੰਗਰੂਰ ’ਚ ਲਾਵਾਰਸ ਪਸ਼ੂਆਂ ਦੀ ਸਮੱਸਿਆ ਗੰਭੀਰ
ਸਮਾਜ ਸੇਵੀ ਜਥੇਬੰਦੀਆਂ ਵੱਲੋਂ ਵਾਰ-ਵਾਰ ਸ਼ਿਕਾਇਤਾਂ ਦੇ ਬਾਵਜੂਦ ਪਰਨਾਲਾ ਉੱਥੇ ਦਾ ਉੱਥੇ
ਗੁਰਦੀਪ ਸਿੰਘ ਲਾਲੀ
ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਵਿੱਚ ਲਾਵਾਰਸ ਪਸ਼ੂਆਂ ਦੀਆਂ ਸਮੱਸਿਆ ਗੰਭੀਰ ਬਣ ਗਈ ਹੈ ਪਰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਵੱਡੀ ਸਮੱਸਿਆ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਅੱਗੇ ਲਾਵਾਰਸ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਲਿਖਤੀ ਸ਼ਿਕਾਇਤਾਂ ਦਿੰਦਿਆਂ ਦੁਹਾਈ ਪਾ ਚੁੱਕੀਆਂ ਹਨ ਪਰ ਪਰਨਾਲਾ ਉੱਥੇ ਦਾ ਉੱਥੇ ਹੈ। ਇਸ ਕਾਰਨ ਲੋਕਾਂ ਦੀ ਜਾਨ ਲਈ ਖੌਅ ਬਣੇ ਲਾਵਾਰਸ ਪਸ਼ੂ ਬਾਜ਼ਾਰਾਂ ਅਤੇ ਸੜਕਾਂ ਉੱਪਰ ਘੁੰਮਦੇ ਦਿਖਾਈ ਦਿੰਦੇ ਹਨ। ਨਿੱਤ ਦਿਨ ਸੜਕਾਂ ਉੱਪਰ ਲਾਵਾਰਸ ਪਸ਼ੂਆਂ ਕਾਰਨ ਹਾਦਸੇ ਵਾਪਰ ਰਹੇ ਹਨ ਅਤੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਸਥਾਨਕ ਲੋਕਾਂ ਨੇ ਕਿਹਾ ਕਿ ਪੰਜਾਬੀ ਲੋਕ ਗਾਇਕ ਰਾਜਵੀਰ ਜਵੰਧਾ ਦੀ ਹਿਮਾਚਲ ਪ੍ਰਦੇਸ਼ ’ਚ ਲਾਵਾਰਸ ਪਸ਼ੂਆਂ ਨਾਲ ਟਕਰਾਉਣ ਕਾਰਨ ਜਾਨ ਜਾ ਚੁੱਕੀ ਹੈ। ਇਸ ਹਾਦਸੇ ਨੇ ਸਮੁੱਚੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਇਹ ਮੰਗ ਵੀ ਉਠੀ ਸੀ ਕਿ ਲਾਵਾਰਸ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਆਵਾਜ਼ ਬੁਲੰਦ ਕੀਤੀ ਜਾਵੇ ਤਾਂ ਜੋ ਨਿੱਤ ਦਿਨ ਵਾਪਰ ਰਹੇ ਹਾਦਸਿਆਂ ਕਾਰਨ ਕਿਸੇ ਦੀ ਕੀਮਤੀ ਜਾਨ ਨਾ ਜਾਵੇ। ਜਾਪਦਾ ਸੀ ਕਿ ਪੰਜਾਬ ਸਰਕਾਰ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਕੋਈ ਸਖ਼ਤ ਕਦਮ ਚੁੱਕੇ ਜਾਣਗੇ ਪਰ ਸਰਕਾਰ ਵੀ ਕੁੰਭਕਰਨੀ ਨੀਂਦ ਤੋਂ ਨਹੀਂ ਜਾਗੀ ਅਤੇ ਲਗਾਤਾਰ ਹਾਦਸੇ ਵਾਪਰ ਰਹੇ ਹਨ। ਲਾਵਾਰਸ ਪਸ਼ੂਆਂ ਕਾਰਨ ਵਾਪਰ ਰਹੇ ਸੜਕ ਹਾਦਸਿਆਂ ’ਚ ਲੋਕ ਜਾਨਾਂ ਗੁਆ ਰਹੇ ਹਨ ਅਤੇ ਸਰੀਰਕ ਨੁਕਸਾਨ ਝੱਲ ਰਹੇ ਹਨ ਅਤੇ ਵੱਡੀ ਗਿਣਤੀ ’ਚ ਲੋਕਾਂ ਨੂੰ ਆਰਥਿਕ ਨੁਕਸਾਨ ਵੀ ਝੱਲਣਾ ਪੈ ਰਿਹਾ ਹੈ। ਸ਼ਹਿਰ ਦੇ ਬਾਜ਼ਾਰਾਂ ਵਿੱਚ ਪਸ਼ੂਆਂ ਦੇ ਭੇੜ ਅਤੇ ਇੱਕ ਦੂਜੇ ਪਿੱਛੇ ਢੱਠਿਆਂ ਦੀ ਦੌੜ ਕਾਰਨ ਪਲਾਂ ਵਿੱਚ ਹੀ ਲੋਕਾਂ ਦੀ ਜਾਨ ਮੁੱਠੀ ਵਿੱਚ ਆ ਜਾਂਦੀ ਹੈ। ਪਸ਼ੂਆਂ ਦੇ ਵੱਗ ਨੇ ਕਿਸਾਨਾਂ ਦੀ ਨੀਂਦ ਵੀ ਉਡਾ ਰੱਖੀ ਹੈ ਕਿਉਂਕਿ ਪਸ਼ੂ ਕਿਸਾਨਾਂ ਦੀਆਂ ਫ਼ਸਲਾਂ ਦਾ ਲਗਾਤਾਰ ਉਜਾੜਾ ਕਰਦੇ ਹਨ। ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਲਾਵਾਰਸ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦੇ ਦੇ ਥੱਕ ਚੁੱਕੀਆਂ ਹਨ ਪਰ ਪਰਾਲੀ ਦੀ ਸਮੱਸਿਆ ਵਾਂਗ ਲਾਵਾਰਸ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਸਰਕਾਰ ਤੇ ਪ੍ਰਸ਼ਾਸਨ ਬੇਵੱਸ ਨਜ਼ਰ ਆ ਰਿਹਾ ਹੈ। ਕਈ ਵਾਰ ਪਿੰਡਾਂ ਦੇ ਕਿਸਾਨ ਲਾਵਾਰਸ ਪਸ਼ੂਆਂ ਦੀਆਂ ਟਰਾਲੀਆਂ ਭਰ ਕੇ ਡੀ ਸੀ ਦਫ਼ਤਰ ਪੁੱਜ ਚੁੱਕੇ ਹਨ ਪਰ ਕੋਈ ਸੁਣਵਾਈ ਨਹੀਂ ਹੋਈ। ਸ਼ਹਿਰ ਵਾਸੀ ਲਾਵਾਰਸ ਪਸ਼ੂਆਂ ਕਾਰਨ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਆਮ ਲੋਕਾਂ ਦੀ ਜਾਨ ਲਈ ਖ਼ੌਫ਼ ਬਣੀ ਅਤੇ ਫ਼ਸਲਾਂ ਦੇ ਉਜਾੜੇ ਦਾ ਕਾਰਨ ਬਣੀ ਗੰਭੀਰ ਸਮੱਸਿਆ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ ਤਾਂ ਜੋ ਹਾਦਸਿਆਂ ਤੋਂ ਬਚਾਅ ਹੋ ਸਕੇ।

