ਰੂਪਨਗਰ: ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਪਹਿਲੀ ਅਕਤੂਬਰ ਤੋਂ ਰੇਤਾ ਬਜਰੀ ਦੀ ਕੋਈ ਕਮੀ ਨਹੀਂ ਰਹੇਗੀ ਤੇ ਲੋਕਾਂ ਨੂੰ 9 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤਾ ਤੇ 20 ਰੁਪਏ ਫੁੱਟ ਦੇ ਹਿਸਾਬ ਨਾਲ ਬਜਰੀ ਮਿਲੇਗੀ। ਉਨ੍ਹਾਂ ਦੱਸਿਆ ਕਿ ਹੋਰਨਾਂ ਸੂਬਿਆਂ ਤੋਂ ਰੇਤਾ ਲੈ ਕੇ ਆਉਣ ਵਾਲੇ ਵਾਹਨਾਂ ’ਤੇ ਐਂਟਰੀ ਟੈਕਸ ਲਗਾਇਆ ਗਿਆ ਹੈ, ਜਿਹੜਾ ਰਿਫੰਡ ਕਰਵਾਇਆ ਜਾ ਸਕਦਾ ਹੈ। ਪੰਜਾਬ ਪ੍ਰਿਜ਼ਨਜ਼ ਡਿਵੈਲਪਮੈਂਟ ਬੋਰਡ ਤੇ ਇੰਡੀਅਨ ਆਇਲ ਕਾਰਪੋਰੇਸ਼ਨ ਵਲੋਂ ਲਗਾਏ ਗਏ ਉਜਾਲਾ ਫਿਊਲਜ਼ ਪੈਟਰੋਲ ਪੰਪ ਦਾ ਉਦਘਾਟਨ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ। ਇਸ ਮੌਕੇ ਉਨ੍ਹਾਂ ਇਕ ਕਾਰ ਵਿਚ ਤੇਲ ਵੀ ਪਾਇਆ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ 12 ਜੇਲ੍ਹਾਂ ਵਿੱਚ ਅਜਿਹੇ ਪੈਟਰੋਲ ਪੰਪ ਲਗਾਏ ਜਾ ਰਹੇ ਹਨ ਤੇ ਇਨ੍ਹਾਂ ਪੰਪਾਂ ਦੀ ਆਮਦਨ ਕੈਦੀਆਂ ਦੀ ਭਲਾਈ ਤੇ ਰਿਹਾਈ ਉਪਰੰਤ ਮੁੜ ਵਸੇਬੇ ਲਈ ਵਰਤੀ ਜਾਵੇਗੀ। -ਪੱਤਰ ਪ੍ਰੇਰਕ