ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 4 ਨਵੰਬਰ
ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਤਿੰਨ ਦਹਾਕੇ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦੇ ਮਾਮਲੇ ਵਿਚ ਪੰਜਾਬ ਪੁਲੀਸ ਦੇ ਦੋ ਸੇਵਾਮੁਕਤ ਅਫ਼ਸਰਾਂ ਸਬ-ਇੰਸਪੈਕਟਰ ਸ਼ਮਸ਼ੇਰ ਸਿੰਘ ਤੇ ਏਐੱਸਆਈ ਜਗਤਾਰ ਸਿੰਘ ਨੂੰ ਸਜ਼ਾ ਸੁਣਾਉਣ ਦੀ ਕਾਰਵਾਈ ਮੁੜ ਟਾਲ ਦਿੱਤੀ। ਪੀੜਤ ਪਰਿਵਾਰ ਦੇ ਵਕੀਲਾਂ ਸਰਬਜੀਤ ਸਿੰਘ, ਜਗਜੀਤ ਸਿੰਘ ਤੇ ਪੁਸ਼ਪਿੰਦਰ ਸਿੰਘ ਨੱਤ ਨੇ ਦੱਸਿਆ ਕਿ ਭਲਕੇ 5 ਨਵੰਬਰ ਨੂੰ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੇ ਮੱਦੇਨਜ਼ਰ ਪਟਿਆਲਾ ਜੇਲ੍ਹ ‘ਚ ਬੰਦ ਦੋਵੇਂ ਸਾਬਕਾ ਪੁਲੀਸ ਅਫ਼ਸਰਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਜੇਲ੍ਹ ਪ੍ਰਸ਼ਾਸਨ ਨੇ ਅਦਾਲਤ ਨੂੰ ਦੱਸਿਆ ਕਿ ਵੱਡੀ ਗਿਣਤੀ ਜਵਾਨਾਂ ਦੀ ਡਿਊਟੀ ਲੱਗੀ ਹੋਣ ਕਾਰਨ ਦੋਸ਼ੀਆਂ ਨੂੰ ਅਦਾਲਤ ਵਿੱਚ ਲਿਆਉਣ ਲਈ ਲੋੜੀਂਦੀ ਗਾਰਦ ਮੁਹੱਈਆ ਨਹੀਂ ਹੋ ਸਕੀ। ਸੀਬੀਆਈ ਅਦਾਲਤ ਵੱਲੋਂ ਹੁਣ ਦੋਸ਼ੀਆਂ ਨੂੰ ਸੋਮਵਾਰ 7 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ।