ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 23 ਅਗਸਤ
ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਿੱਖ ਸਦਭਾਵਨਾ ਦਲ ਦੀ ਅਗਵਾਈ ਹੇਠ ਸਿੱਖ ਸੰਗਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਲਗਾਇਆ ਬੇਮਿਆਦੀ ਪੱਕਾ ਮੋਰਚਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਅੱਜ ਪੱਕੇ ਮੋਰਚੇ ’ਚ ਪਟਿਆਲਾ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਅਤੇ ਐੱਸਐੱਸਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਪੁੱਜੇ ਜਿਨ੍ਹਾਂ ਮੋਰਚੇ ਦੀ ਅਗਵਾਈ ਕਰ ਰਹੇ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਨਾਲ ਮੰਗਾਂ ਸਬੰਧੀ ਗੱਲਬਾਤ ਕੀਤੀ। ਭਾਈ ਵਡਾਲਾ ਨੇ ਕਿਹਾ ਕਿ ਇਹ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਕੌਮ ਦਾ ਸਾਂਝਾ ਮਸਲਾ ਹੈ ਜਿਸ ਨੂੰ ਸਰਕਾਰ ਗੰਭੀਰਤਾ ਨਾਲ ਲਏ ਅਤੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਇਸ ਮੌਕੇ ਆਈਜੀ ਨੇ ਮੰਗ ਪੱਤਰ ਲਿਆ ਅਤੇ ਪੰਜਾਬ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿਵਾਇਆ।