ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਨਵੰਬਰ
ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਕਿਸਾਨਾਂ ਦਾ ਧਰਨਾ ਅੱਜ 37ਵੇਂ ਦਿਨ ਵੀ ਜਾਰੀ ਰਿਹਾ। ਇਹ ਧਰਨਾ ਖੇਤੀ ਕਾਨੂੰਨਾਂ ਖ਼ਿਲਾਫ਼ 31 ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਲਾਇਆ ਜਾ ਰਿਹਾ ਹੈ। ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਹਰਜੀਤ ਸਿੰਘ ਝੀਤੇ, ਕੰਵਲਪ੍ਰੀਤ ਸਿੰਘ ਪੰਨੂ ਤੇ ਹੋਰਨਾਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਆਖਿਆ ਕਿ ਪੰਜ ਨਵੰਬਰ ਦੇ ‘ਚੱਕਾ ਜਾਮ’ ਨੂੰ ਪੂਰੇ ਦੇਸ਼ ਵਿੱਚ ਚੰਗਾ ਹੁੰਗਾਰਾ ਮਿਲਿਆ ਹੈ। ਇਸ ਦੇਸ਼ ਪੱਧਰੀ ਅੰਦੋਲਨ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੀ ਘੇਰਾਬੰਦੀ ਖਤਮ ਕਰਨ ਲਈ ਸੋਚਣ ਵਾਸਤੇ ਮਜਬੂਰ ਕਰ ਦਿੱਤਾ ਹੈ।
ਜੰਡਿਆਲਾ ਗੁਰੂ ਦਾ ਪੱਕਾ ਮੋਰਚਾ ਰੇਲਵੇ ਪਾਰਕ ’ਚ ਤਬਦੀਲ
ਜੰਡਿਆਲਾ ਗੁਰੂ (ਸਿਮਰਤ ਪਾਲ ਸਿੰਘ ਬੇਦੀ): ਅੰਮ੍ਰਿਤਸਰ-ਜਲੰਧਰ ਰੇਲ ਮਾਰਗ ’ਤੇ ਜੰਡਿਆਲਾ ਗੁਰੂ ਦੀਆਂ ਰੇਲ ਪਟੜੀਆਂ ’ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦਿੱਤਾ ਜਾ ਰਿਹਾ ਧਰਨਾ ਅੱਜ 44ਵੇਂ ਦਿਨ ਰੇਲਵੇ ਪਾਰਕ ਵਿੱਚ ਤਬਦੀਲ ਕਰਕੇ ਪਟੜੀਆਂ ਮਾਲ ਗੱਡੀਆਂ ਦੀ ਆਵਾਜਾਈ ਲਈ ਖਾਲੀ ਕਰ ਦਿੱਤੀਆਂ ਗਈਆਂ ਹਨ। ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਇਹ ਫ਼ੈਸਲਾ ਜ਼ਰੂਰੀ ਵਸਤਾਂ ਦੀ ਹੋ ਰਹੀ ਕਿੱਲਤ, ਆ ਰਹੇ ਤਿਉਹਾਰਾਂ ਅਤੇ ਵਪਾਰੀ ਵਰਗ ਤੇ ਲੋਕਾਂ ਦੀ ਪ੍ਰੇਸ਼ਾਨੀ ਨੂੰ ਦੇਖਦੇ ਹੋਏ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਟੜੀਆਂ ਖਾਲੀ ਕਰ ਦਿੱਤੀਆਂ ਹਨ ਪਰ ਰੇਲ ਰੋੋਕ ਅੰਦੋਲਨ ਵਾਪਸ ਨਹੀਂ ਲਿਆ ਗਿਆ