ਚੰਡੀਗੜ੍ਹ, 13 ਮਈ
ਪੰਜਾਬ ਸਰਕਾਰ ਨੇ ਵੀਰਵਾਰ ਨੂੰ ਕਿਹਾ ਕਿ ਸੂਬੇ ਵਿੱਚ ਰਹਿਣ ਵਾਲੇ ਕਰੋਨਾ ਪੀੜਤ ਗਰੀਬ ਮਰੀਜ਼ਾਂ ਨੂੰ ਮੁਫ਼ਤ ਖਾਣਾ ਦਿੱਤਾ ਜਾਵੇਗਾ ਜਦੋਂ ਕਿ ਰਜਿਸਟਰਡ ਮਜ਼ਦੂਰਾਂ ਨੂੰ 3 ਹਜ਼ਾਰ ਰੁਪਏ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਫੈਸਲਾ ਲਿਆ ਗਿਆ ਹੈ। ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ੁੱਕਰਵਾਰ ਤੋਂ ਕੋਵਿਡ ਪੀੜਤ ਗਰੀਬ ਲੋਕ ਮੁਫ਼ਤ ਖਾਣੇ ਲਈ 181 ਅਤੇ 112 ’ਤੇ ਫੋਨ ਕਰ ਸਕਦੇ ਹਨ। ਇਹ ਖਾਣਾ ਪੰਜਾਬ ਪੁਲੀਸ ਉਨ੍ਹਾਂ ਤਕ ਪਹੁੰਚਾਏਗੀ। ਇਸ ਪਹਿਲ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ ਅਸੀਂ ਪੰਜਾਬ ਵਿੱਚ ਕਿਸੇ ਨੂੰ ਵੀ ਭੁੱਖੇ ਢਿੱਡ ਨਹੀਂ ਸੌਣ ਦਿਆਂਗੇ।’’ ਇਕ ਹੋਰ ਫੈਸਲੇ ਵਿੱਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਭਵਨ ਅਤੇ ਹੋਰ ਉਸਾਰੀ ਕਾਮੇ ਜਿਹੜੇ ਕਲਿਆਣਾ ਬੋਰਡ ਵਿੱਚ ਰਜਿਸਟਰਡ ਹਨ ਨੂੰ ਤਿੰਨ ਹਜ਼ਾਰ ਰੁਪਏ ਦਾ ਗੁਜ਼ਾਰਾ ਭੱਤਾ ਜਾਂ ਨਕਦ ਮਦਦ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਭੱਤਾ 1500-1500 ਰੁਪਏ ਦੀਆਂ ਦੋ ਕਿਸ਼ਤਾਂ ਵਿੱਚ ਦਿੱਤਾ ਜਾਵੇਗਾ। -ਏਜੰਸੀ