ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਜੁਲਾਈ
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਦੋਸ਼ੀਆਂ ਲਈ ਉਮਰ ਕੈਦ ਦੀ ਸਜ਼ਾ ਯਕੀਨੀ ਨਾ ਬਣਾਉਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ‘ਆਪ’ ਆਗੂ ਨਿਗੂਣੀ ਸਜ਼ਾ ਮਿਲਣ ’ਤੇ ਆਪਣੀ ਪਿੱਠ ਥਾਪੜ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹੈਰਾਨ ਹਨ ਕਿ ਐੱਮਪੀ ਰਾਘਵ ਚੱਢਾ ਬੇਅਦਬੀ ਦੇ ਦੋਸ਼ੀਆਂ ਨੂੰ 3 ਸਾਲ ਦੀ ਸਜ਼ਾ ਮਿਲਣ ’ਤੇ ਆਪਣੀ ਪਿੱਠ ਥਾਪੜ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੇ ਪੰਜਾਬ ਸਰਕਾਰ ਦਾ ਅਸਲ ਚਿਹਰਾ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਚੇਤੇ ਕਰਵਾਇਆ ਕਿ ਪੰਜਾਬ ਵਿਧਾਨ ਸਭਾ ਪਹਿਲਾਂ ਹੀ ਇੰਡੀਅਨ ਪੀਨਲ ਕੋਡ ਅਤੇ ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ ਵਿਚ ਸੋਧ ਕਰ ਕੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਐਲਾਨ ਚੁੱਕੀ ਹੈ।