ਰਾਜਨ ਮਾਨ
ਰਾਮਦਾਸ, 16 ਮਈ
ਮਾਝੇ ਦੇ ਤਿੰਨ ਲੋਕ ਸਭਾ ਹਲਕਿਆਂ ਵਿੱਚ ਇਸ ਵਾਰ ਦੋ ਮੌਜੂਦਾ ਮੰਤਰੀਆਂ, ਇੱਕ ਸਾਬਕਾ ਉਪ ਮੁੱਖ ਮੰਤਰੀ, ਦੋ ਸਾਬਕਾ ਮੰਤਰੀਆਂ ਅਤੇ ਇਕ ਮੌਜੂਦਾ ਲੋਕ ਸਭਾ ਮੈਂਬਰ ਦਾ ਵੱਕਾਰ ਦਾਅ ’ਤੇ ਲੱਗਿਆ ਹੋਇਆ ਹੈ।
ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਜੋ ਮੌਜੂਦਾ ਮੈਂਬਰ ਪਾਰਲੀਮੈਂਟ ਵੀ ਹਨ ਅਤੇ ਇਕ ਸਾਬਕਾ ਅਕਾਲੀ ਮੰਤਰੀ ਅਨਿਲ ਜੋਸ਼ੀ ਜੋ ਅਕਾਲੀ ਦਲ ਵੱਲੋਂ ਚੋਣ ਮੈਦਾਨ ਵਿੱਚ ਹਨ, ਦਾ ਵੱਕਾਰ ਦਾਅ ’ਤੇ ਲੱਗਿਆ ਹੋਇਆ ਹੈ। ਇਸੇ ਤਰ੍ਹਾਂ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਅਕਾਲੀ ਦਲ ਦੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ‘ਆਪ’ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਮੁਕਾਬਲੇ ਵਿੱਚ ਹਨ।
ਮਾਝੇ ਵਿੱਚ ਤਿੰਨ ਲੋਕ ਸਭਾ ਹਲਕਿਆਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਖਡੂਰ ਸਾਹਿਬ ਵਿੱਚ ਚੌਕੋਣਾ ਮੁਕਾਬਲਾ ਨਜ਼ਰ ਆ ਰਿਹਾ ਹੈ। ਉਂਝ ਖਡੂਰ ਸਾਹਿਬ ਹਲਕੇ ਤੋਂ ਪੰਜ ਵੱਡੀਆਂ ਧਿਰਾਂ ਮੈਦਾਨ ਵਿੱਚ ਹਨ। ਇਸ ਹਲਕੇ ਤੋਂ ਕਾਂਗਰਸ, ਆਪ, ਅਕਾਲੀ ਦਲ ਅਤੇ ਭਾਜਪਾ ਮਗਰੋਂ ਆਜ਼ਾਦ ਰੂਪ ਵਿੱਚ ਮੈਦਾਨ ਵਿੱਚ ਉਤਰੇ ਭਾਈ ਅੰਮ੍ਰਿਤਪਾਲ ਸਿੰਘ ਨੇ ਸਥਿਤੀ ਵਿਗਾੜੀ ਹੋਈ ਹੈ। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਵੱਲੋਂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਵਲੋਂ ਵੀ ਕਿਸਮਤ ਅਜ਼ਮਾਈ ਕੀਤੀ ਜਾ ਰਹੀ ਹੈ। ਉਧਰ, ‘ਆਪ’ ਨੂੰ ਦੂਜੀਆਂ ਪਾਰਟੀਆਂ ਛੱਡ ਕੇ ਧੜਾਧੜ ਆ ਰਹੇ ਲੀਡਰਾਂ ਦਾ ਲਾਹਾ ਤਾਂ ਮਿਲ ਸਕਦਾ ਹੈ ਪਰ ਨਾਲ ਹੀ ਕੁਝ ਹਲਕਿਆਂ ਵਿਚ ਵਿਧਾਇਕਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਵੀ ਲੋਕਾਂ ਵੱਲੋਂ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਭਾਜਪਾ ਪਹਿਲਾਂ ਹੀ ਪਿੰਡਾਂ ਵਿਚ ਕਿਸਾਨਾਂ ਦੇ ਵਿਰੋਧ ਦਾ ਸ਼ਿਕਾਰ ਹੋਣ ਕਰਨ ਪੇਂਡੂ ਖੇਤਰਾਂ ਵਿੱਚ ਆਪਣੀ ਚੋਣ ਮੁਹਿੰਮ ਪੂਰੀ ਤਰ੍ਹਾਂ ਨਹੀਂ ਭਖਾ ਸਕੀ।
ਗੁਰਦਾਸਪੁਰ ਹਲਕੇ ਵਿੱਚ ਅਕਾਲੀ ਦਲ ਵੱਲੋਂ ਡੇਰਾ ਬਾਬਾ ਨਾਨਕ ਹਲਕੇ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿੱਚੋਂ ਕੱਢਣ ਕਰਕੇ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਲਈ ਹਾਲਦੀ ਘੜੀ ਮੁਸੀਬਤ ਖੜ੍ਹੀ ਹੋ ਗਈ ਹੈ। ‘ਆਪ’ ਉਮੀਦਵਾਰ ਸ਼ੈਰੀ ਕਲਸੀ ਦੀ ਮੁਹਿੰਮ ਨੂੰ ਦੂਜੀਆਂ ਪਾਰਟੀਆਂ ਛੱਡ ਕੇ ਆ ਰਹੇ ਲੀਡਰ ਹਾਲਦੀ ਘੜੀ ਹੁਲਾਰਾ ਜ਼ਰੂਰ ਦੇ ਰਹੇ ਹਨ ਪਰ ਇਨ੍ਹਾਂ ਵਿੱਚੋਂ ਕਿੰਨੀਆਂ ਵੋਟਾਂ ਬਣਦੀਆਂ ਹਨ, ਇਹ ਸਮਾਂ ਹੀ ਦੱਸੇਗਾ।