ਦਵਿੰਦਰ ਪਾਲ
ਚੰਡੀਗੜ੍ਹ, 13 ਅਕਤੂਬਰ
ਕੇਂਦਰ ਸਰਕਾਰ ਵੱਲੋਂ ਪਾਸ ਖੇਤੀ ਕਾਨੂੰਨਾਂ ਖ਼ਿਲਾਫ਼ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ਵਿੱਚ ਅੱਜ ਸਵਾ ਸੌ ਤੋਂ ਵੱਧ ਥਾਵਾਂ ’ਤੇ ਮੋਰਚੇ ਜਾਰੀ ਰਹੇ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ‘ਕਿਸਾਨ ਸ਼ਹੀਦ ਦਿਵਸ’ ਨੂੰ ਦੇਸ਼ ਭਰ ਵਿੱਚੋਂ ਮਿਲੇ ਹੁੰਗਾਰੇ ਨੇ ਅੰਦੋਲਨ ਦੀ ਪੁਖਤਗੀ ’ਤੇ ਇੱਕ ਵਾਰ ਫਿਰ ਮੋਹਰ ਲਾਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਜਿਸ ਤਰ੍ਹਾਂ ਵੱਡੀ ਗਿਣਤੀ ਲੋਕਾਂ ਨੇ ਸ਼ਹੀਦ ਕਿਸਾਨਾਂ ਦੀ ਯਾਦ ’ਚ ਹੋਏ ਸਮਾਗਮਾਂ ਵਿੱਚ ਹਾਜ਼ਰੀ ਭਰੀ, ਉਸ ਨੇ ਸੂਬੇ ਦੇ ਸੰਘਰਸ਼ੀ ਅਖਾੜਿਆਂ ’ਚ ਵੀ ਨਵੀਂ ਰੂਹ ਫੂਕ ਦਿੱਤੀ ਹੈ। ਕਿਸਾਨ ਬੁਲਾਰਿਆਂ ਨੇ ਕਿਹਾ ਕਿ ਭਾਜਪਾ ਦੀ ਹਿੰਸਾ ਦਾ ਸ਼ਾਂਤੀ ਨਾਲ ਜਵਾਬ ਦਿੱਤਾ ਜਾਵੇਗਾ। ਬੁਲਾਰਿਆਂ ਨੇ ਬੀਤੇ ਦਿਨ ਮੋਰਿੰਡਾ ਵਿੱਚ ਪੰਜਾਬ ਪੁਲੀਸ ਵੱਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਕਾਰਕੁਨਾਂ ’ਤੇ ਕੀਤੇ ਲਾਠੀਚਾਰਜ ਅਤੇ ਖਿੱਚ-ਧੂਹ ਦੀ ਨਿਖੇਧੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ‘ਸੰਘਰਸ਼ ਕਮੇਟੀ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੇ ਤੀਜੇ ਹਿੱਸੇ ਨੂੰ ਪੱਕੇ ਤੌਰ ’ਤੇ ਦਲਿਤਾਂ ਦੇ ਨਾਂ ਕਰਵਾਉਣ, ਸੁਸਾਇਟੀ ਦੀਆਂ ਜ਼ਮੀਨਾਂ ਦੇ ਬਿਨਾਂ ਸ਼ਰਤ ਮਾਲਕੀ ਹੱਕ ਦੇਣ ਅਤੇ ਲੋੜਵੰਦ ਦਲਿਤਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦੀ ਮੰਗ ਕਰਨਾ ਕੋਈ ਗੁਨਾਹ ਨਹੀਂ ਹੈ। ਕਿਸਾਨ ਬੁਲਾਰਿਆਂ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਨੇ ਮੁੱਖ ਮੰਤਰੀ ਦੇ ਦਲਿਤ ਚਿਹਰੇ ਨੂੰ ਸਰਕਾਰ ਦੇ ਦਲਿਤ-ਪੱਖੀ ਹੋਣ ਵਜੋਂ ਖੂਬ ਪ੍ਰਚਾਰਿਆ ਪਰ ਇਸ ਲਾਠੀਚਾਰਜ ਨੇ ਸਰਕਾਰ ਦੇ ਪਾਖੰਡ ਨੂੰ ਪੂਰੀ ਤਰ੍ਹਾਂ ਨੰਗਾ ਕਰ ਦਿੱਤਾ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ‘ਸੰਘਰਸ਼ ਕਮੇਟੀ ਦੀਆਂ ਮੰਗਾਂ ਨੂੰ ਤੁਰੰਤ ਮੰਨੇ ਅਤੇ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਤੋਂ ਇਲਾਵਾ ਆਗੂਆਂ ਨੇ ਇਹ ਮੰਗ ਵੀ ਕੀਤੀ ਕਿ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਬਰਖਾਸਤ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇ, ਖੇਤੀ ਕਾਨੂੰਨਾਂ ਤੇ ਬਿਜਲੀ ਬਿੱਲ-2020 ਸਮੇਤ ਪਰਾਲੀ ਆਰਡੀਨੈਂਸ ਨੂੰ ਤੁਰੰਤ ਰੱਦ ਕੀਤਾ ਜਾਵੇ। ਮੰਗਾਂ ਨਾ ਮੰਨੇ ਜਾਣ ’ਤੇ ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ 15 ਅਕਤੂਬਰ ਨੂੰ ਦਸਹਿਰੇ ਵਾਲੇ ਦਿਨ ਕਿਸਾਨ ਮੋਰਚਿਆਂ ’ਤੇ ਮੋਦੀ, ਅਮਿਤ ਸ਼ਾਹ, ਯੋਗੀ ਅਤੇ ਸਾਮਰਾਜੀ ਕਾਰਪੋਰੇਟਾਂ ਦੇ ਫੋਟੋਆਂ ਵਾਲੇ ਪੁਤਲੇ ਫੂਕੇ ਜਾਣ। ਜ਼ਿਕਰਯੋਗ ਹੈ ਕਿ ਅੱਜ ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਲੋਕ ਲਹਿਰਾਂ ਦੇ ਨਾਇਕ ਤੇ ਕਿਸਾਨ ਆਗੂ ਮੱਘਰ ਸਿੰਘ ਕੁਲਰੀਆਂ ਦੀ 10ਵੀਂ ਬਰਸੀ ਮਨਾਈ ਗਈ।