ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ: ਸੈਣੀ
ਸਤਨਾਮ ਸਿੰਘ ਸੱਤੀ
ਇੱਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸ਼ਰਧਾਂਜਲੀ ਸਮਾਗਮ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਦੀ ਅਗਵਾਈ ਹੇਠ ਹੋਇਆ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਉਪ ਪ੍ਰਧਾਨ ਅਰਵਿੰਦ ਖੰਨਾ ਆਦਿ ਹਾਜ਼ਰ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਸੈਣੀ ਤੋਂ ਇਲਾਵਾ ਭਾਜਪਾ ਦੀ ਸਮੂਹ ਲੀਡਰਸ਼ਿਪ ਵੱਲੋਂ ਸੁਨਾਮ-ਬਠਿੰਡਾ ਰੋਡ ’ਤੇ ਬਣੇ ਸ਼ਹੀਦ ਊਧਮ ਸਿੰਘ ਦੇ ਮੈਮੋਰੀਅਲ ’ਤੇ ਪਹੁੰਚ ਕੇ ਸ਼ਹੀਦ ਨੂੰ ਸਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਇਕ ਪੈਲੇਸ ਵਿੱਚ ਕਰਵਾਏ ਸਮਾਗਮ ਦੌਰਾਨ ਸ੍ਰੀ ਸੈਣੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ 21 ਸਾਲਾਂ ਬਾਅਦ ਜਨਰਲ ਐਡਵਾਇਰ ਤੋਂ ਜੱਲ੍ਹਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਬਦਲਾ ਲਿਆ ਸੀ। ਉਨ੍ਹਾਂ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਹੜੀਆਂ ਕੌਮਾਂ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਹ ਕੌਮਾਂ ਕਦੇ ਲੰਬਾ ਸਮਾਂ ਜਿਉਂਦੀਆਂ ਨਹੀਂ ਰਹਿ ਸਕਦੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜੋ ਸੋਚ ਕੇ ਸਰਕਾਰ ਬਣਾਈ ਸੀ, ਉਹ ਉਨ੍ਹਾਂ ਦੇ ਵਾਅਦਿਆਂ ’ਤੇ ਪੂਰਾ ਨਹੀਂ ਉਤਰੀ। ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਇਸ ਮੌਕੇ ਅਰਵਿੰਦ ਖੰਨਾ ਨੇ ਕਿਹਾ ਕਿ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ। ਇਸ ਮੌਕੇ ਭਾਜਪਾ ਜਿਲ੍ਹਾ ਸੰਗਰੂਰ-2 ਇੰਚਾਰਜ ਦਿਆਲ ਸੋਢੀ, ਭਾਜਪਾ ਉਪ ਪ੍ਰਧਾਨ ਅਰਵਿੰਦ ਖੰਨਾ, ਭਾਜਪਾ ਆਗੂ ਤਸਵੰਤ ਸਿੰਘ ਪੂਨੀਆ, ਹਰਮਨਦੇਵ ਬਾਜਵਾ, ਬਿਕਰਮਜੀਤ ਸਿੰਘ ਐੱਮਸੀ ਆਦਿ ਹਾਜ਼ਰ ਸਨ।
ਪੱਤਰਕਾਰਾਂ ਨੂੰ ਅੰਦਰ ਜਾਣ ਤੋਂ ਰੋਕਿਆ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਜਦੋਂ ਸ਼ਹੀਦ ਊਧਮ ਸਿੰਘ ਮੈਮੋਰੀਅਲ ਵਿੱਚ ਪੁੱਜੇ ਤਾਂ ਪ੍ਰਸ਼ਾਸਨ ਵੱਲੋਂ ਬਾਹਰਲੇ ਗੇਟ ’ਤੇ ਹੀ ਪੱਤਰਕਾਰਾਂ ਨੂੰ ਅੰਦਰ ਜਾਣ ਨਹੀਂ ਦਿੱਤਾ ਗਿਆ। ਇਸ ਦੌਰਾਨ ਪੱਤਰਕਾਰਾਂ ਵੱਲੋਂ ਰੋਸ ਪ੍ਰਗਟ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂ ਅਸ਼ੋਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਨਾਂ ’ਤੇ ਰਾਜਨੀਤੀ ਕਰ ਰਹੀ ਹੈ।