ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰ੍ਰਿਤਸਰ, 27 ਜੂਨ
ਅਫ਼ਗਾਨਿਸਤਾਨ ਵਿੱਚ ਰਹਿ ਰਹੇ ਘੱਟ ਗਿਣਤੀ ਸਿੱਖਾਂ ਤੇ ਹਿੰਦੂਆਂ ਅਤੇ ਗੁਰੂਧਾਮਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਥੇ ਇੱਕ ਉੱਚ ਪੱਧਰੀ ਵਫ਼ਦ ਭੇਜਣ ਦੀ ਇੱਛੁਕ ਹੈ। ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਇਕ ਪੱਤਰ ਭੇਜ ਕੇ ਪ੍ਰਵਾਨਗੀ ਮੰਗੀ ਹੈ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਇਸ ਸਬੰਧੀ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਮੌਜੂਦਾ ਹਾਲਾਤ ਕਾਰਨ ਉੱਥੇ ਵੱਸਦੇ ਸਿੱਖ ਫਿਕਰਮੰਦ ਹਨ, ਜਿਸ ਲਈ ਸਿੱਖ ਸੰਸਥਾ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣਨ ਲਈ ਅਫ਼ਗਾਨਿਸਤਾਨ ਜਾਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਸਰਕਾਰ ਜਲਦੀ ਪ੍ਰਬੰਧ ਕਰਦੀ ਹੈ ਤਾਂ ਸ਼੍ਰੋਮਣੀ ਕਮੇਟੀ ਦਾ ਵਫ਼ਦ ਜੁਲਾਈ ਮਹੀਨੇ ਵਿੱਚ ਅਫ਼ਗਾਨਿਸਤਾਨ ਜਾਵੇਗਾ।