ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਫਰਵਰੀ
ਸ਼੍ਰੋਮਣੀ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਤਿਆਰ ਕਰਵਾਏ ਜਾਣਗੇ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਤੀ। ਉਨ੍ਹਾਂ ਅੱਜ ਇਥੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗਏ ਸੈਮੀਨਾਰ ਵਿਚ ਸ਼ਿਰਕਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰਾਂ ਦੀ ਲੜੀ ਕਰਵਾਈ ਜਾਵੇਗੀ ਜਿਸ ਤਹਿਤ ਅੱਜ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਚ ਪਹਿਲਾ ਸੈਮੀਨਾਰ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ ਇਸ ਸ਼ਤਾਬਦੀ ਨੂੰ ਸਮਰਪਿਤ ਦੇਸ਼ ਵਿਚ ਵੱਖ-ਵੱਖ ਥਾਵਾਂ ’ਤੇ 10 ਸੈਮੀਨਾਰ ਕਰਵਾਏ ਜਾਣਗੇ ਅਤੇ ਇਨ੍ਹਾਂ ਸੈਮੀਨਾਰਾਂ ਦੌਰਾਨ ਪੜ੍ਹੇ ਗਏ ਪਰਚਿਆਂ ਵਿੱਚੋਂ ਚੋਣਵਿਆਂ ਨੂੰ ਕਿਤਾਬੀ ਰੂਪ ਦਿੱਤਾ ਜਾਵੇਗਾ। ਮੁੱਖ ਭਾਸ਼ਣ ਦਿੰਦਿਆਂ ਸਾਬਕਾ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀ ਪਾਵਨ ਗੁਰਬਾਣੀ ਤੋਂ ਲੋਕਾਂ ਨੂੰ ਬਿਹਤਰ ਜੀਵਨ ਜਿਊਣ ਦੇ ਰਾਹ ਬਾਰੇ ਜਾਣਕਾਰੀ ਮਿਲਦੀ ਹੈ। ਇਸ ਮੌਕੇ ਡਾ. ਧਰਮ ਸਿੰਘ, ਡਾਇਰੈਕਟਰ ਸਿੱਖਿਆ ਡਾ.ਤੇਜਿੰਦਰ ਕੌਰ ਧਾਲੀਵਾਲ, ਪ੍ਰੋ.ਰਾਵਿੰਦਰ ਕੌਰ ਅਤੇ ਭਾਈ ਮਨਜੋਧ ਸਿੰਘ ਨੇ ਪਰਚੇ ਪੇਸ਼ ਕੀਤੇ। ਇਸ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਡਾ.ਗਗਨਦੀਪ ਸਿੰਘ ਨੇ ਸਵਾਗਤੀ ਸ਼ਬਦ ਕਹੇ।
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਕੋਰ ਕਮੇਟੀ ਦੀ ਮੀਟਿੰਗ 15 ਨੂੰ਼
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੌਜੂਦਾ ਹਾਲਾਤ ਅਤੇ ਮਾਮਲਿਆਂ ਨੂੰ ਵਿਚਾਰਨ ਵਾਸਤੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 15 ਫਰਵਰੀ ਨੂੰ ਚੰਡੀਗੜ੍ਹ ’ਚ ਸੱਦੀ ਹੈ। ਪਾਰਟੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿੱਚ ਭਖਦੇ ਮਸਲੇ, ਪਾਰਟੀ ਦੇ ਜਥੇਬੰਦਕ ਕੰਮਾਂ ਅਤੇ ਕਿਸਾਨ ਅੰਦੋਲਨ ਸਬੰਧੀ ਵਿਚਾਰ ਚਰਚਾ ਕੀਤੀ।