ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਨਵੰਬਰ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਲੰਗਰ ਦੇ ਨਾਲ-ਨਾਲ ਮੁੱਢਲੀਆਂ ਮੈਡੀਕਲ ਸੇਵਾਵਾਂ ਮੁਹੱਈਆ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਦੌਰਾਨ ਸਿੱਖ ਸੰਸਥਾ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਪ੍ਰਬੰਧ ਕਰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਧਰਨਿਆਂ ਸਮੇਂ ਨੇੜਲੇ ਗੁਰਦੁਆਰਿਆਂ ਤੋਂ ਲੰਗਰ ਜਾਰੀ ਰਹੇਗਾ। ਦਿੱਲੀ ਜਾ ਰਹੇ ਕਿਸਾਨਾਂ ਲਈ ਵੀ ਰਸਤਿਆਂ ਵਿਚ ਲੰਗਰ ਦੇ ਪ੍ਰਬੰਧ ਕੀਤੇ ਜਾਣਗੇ। ਇਸ ਸਬੰਧੀ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੈਡੀਕਲ ਸੇਵਾਵਾਂ ਲਈ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਦੀਆਂ ਟੀਮਾਂ ਸੇਵਾਵਾਂ ਨਿਭਾਉਣਗੀਆਂ। ਮੈਡੀਕਲ ਕਾਲਜ ਤੇ ਹਸਪਤਾਲ ਵੱਲੋਂ ਤਿੰਨ ਮੈਡੀਕਲ ਵੈਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਵਿਚ ਮੁੱਢਲੀਆਂ ਸਿਹਤ ਸਹੂਲਤਾਂ ਹੋਣਗੀਆਂ, ਜੋ ਖਨੌਰੀ, ਡੱਬਵਾਲੀ ਤੇ ਸ਼ੰਭੂ ਬਾਰਡਰ ’ਤੇ ਸੇਵਾਵਾਂ ਦੇਣਗੀਆਂ।