ਪੱਤਰ ਪ੍ਰੇਰਕ
ਹੁਸ਼ਿਆਰਪੁਰ, 6 ਮਈ
ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਸੰਵਿਧਾਨ ਰੱਖਣ ਦੇ ਮਾਮਲੇ ਦੀ ਸੁਣਵਾਈ ਅੱਜ ਵਧੀਕ ਚੀਫ਼ ਜੁਡੀਸ਼ਲ ਮੈਜਿਸਟਰੇਟ ਰੁਪਿੰਦਰ ਸਿੰਘ ਦੀ ਅਦਾਲਤ ਵਿੱਚ ਹੋਈ। ਅੱਜ ਸ਼ਿਕਾਇਤਕਰਤਾ ਬਲਵੰਤ ਸਿੰਘ ਖੇੜਾ ਨੇ ਅਦਾਲਤ ਵਿੱਚ ਗਵਾਹੀ ਦੇਣੀ ਸੀ, ਪਰ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਵਕੀਲਾਂ ਨੇ ਕੇਸ ਸਬੰਧੀ ਰਿਕਾਰਡ ਨਾ ਹੋਣ ਦੀ ਅਰਜ਼ੀ ਦਾਖ਼ਲ ਕਰ ਦਿੱਤੀ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਦਲਜੀਤ ਸਿੰਘ ਚੀਮਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਐੱਸਐੱਸ ਕਲੇਰ ਨੇ ਇਹ ਅਰਜ਼ੀ ਦਾਖਲ ਕੀਤੀ। ਖੇੜਾ ਦੇ ਵਕੀਲ ਬੀਐੱਸ ਰਿਆੜਾ ਅਤੇ ਹਿਤੇਸ਼ ਪੁਰੀ ਨੇ ਅਦਾਲਤ ਨੂੰ ਦੱਸਿਆ ਕਿ ਦੂਜੀ ਧਿਰ ਕੋਲ ਲੋੜੀਂਦਾ ਸਾਰਾ ਰਿਕਾਰਡ ਮੌਜੂਦ ਹੈ, ਪਰ ਮਾਮਲੇ ਨੂੰ ਲਟਕਾਉਣ ਲਈ ਇਹ ਅਰਜ਼ੀ ਦਾਇਰ ਕੀਤੀ ਗਈ ਹੈ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ ਹੁਣ 2 ਜੂਨ ’ਤੇ ਪਾ ਦਿੱਤੀ ਹੈ।