ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਸਤੰਬਰ
ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਅੱਜ ਡਿਪਟੀ ਕਮਿਸ਼ਨਰ ਦਫਤਰ ਵਿਖੇ ਇਕ ਮੰਗ ਪੱਤਰ ਦੇ ਕੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚ ਪਾਵਨ ਸਰੂਪਾਂ ਦੀ ਛਪਾਈ ਕਰਨ ਅਤੇ ਬਿਰਧ ਸਰੂਪਾਂ ਨੂੰ ਅਗਨ ਭੇਟ ਕਰਨ ’ਤੇ ਰੋਕ ਲਾਉਣ ਦੀ ਮੰਗ ਕੀਤੀ ਹੈ।
ਮੰਗ ਪੱਤਰ ਦੇਣ ਆਏ ਸਿੱਖ ਕਾਰਕੁਨਾਂ ਵਿੱਚ ਸ਼ਾਮਲ ਸਾਬਕਾ ਮੁਤਵਾਜ਼ੀ ਜਥੇਦਾਰ ਭਾਈ ਅਮਰੀਕ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਧੜਾਧੜ ਪਾਵਨ ਸਰੂਪ ਛਾਪੇ ਜਾ ਰਹੇ ਹਨ, ਜਿਸ ਕਾਰਨ ਵਾਧੂ ਸਰੂਪਾਂ ਦੀ ਸਾਂਭ ਸੰਭਾਲ ਨਹੀਂ ਹੋ ਰਹੀ ਅਤੇ ਥਾਂ-ਥਾਂ ’ਤੇ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਸ ਲਈ ਛਪਾਈ ’ਤੇ ਰੋਕ ਲਾਉਣ ਦੀ ਲੋੜ ਹੈ। ਇਸੇ ਤਰ੍ਹਾਂ ਬਿਰਧ ਹੋਣ ਦੇ ਨਾਂ ’ਤੇ ਸਰੂਪਾਂ ਨੂੰ ਅਗਨ ਭੇਟ ਕੀਤਾ ਜਾ ਰਿਹਾ ਹੈ। ਜਦੋਂਕਿ ਸਰੂਪਾਂ ਵਿਚੋਂ ਕੁਝ ਅੰਗ ਹੀ ਖ਼ਰਾਬ ਹੁੰਦੇ ਹਨ, ਜੋ ਬਦਲੇ ਜਾ ਸਕਦੇ ਹਨ। ਇਸ ਲਈ ਸਰੂਪਾਂ ਨੂੰ ਅਗਨ ਭੇਟ ਕੀਤੇ ਜਾਣ ’ਤੇ ਵੀ ਰੋਕ ਲਾਉਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ 2016 ਵਿਚ ਪ੍ਰਬੰਧਾਂ ਦੀ ਘਾਟ ਕਾਰਨ ਵੱਡੀ ਗਿਣਤੀ ਪਾਵਨ ਸਰੂਪਾਂ ਦੀ ਬੇਅਦਬੀ ਹੋਈ ਹੈ, ਇਸ ਲਈ ਬੇਅਦਬੀ ਦੇ ਕਸੂਰਵਾਰਾਂ ਨੂੰ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 450 ਸਰੂਪ ਕੈਨੇਡਾ ਭੇਜੇ ਗਏ ਸਨ, ਜਿਥੇ ਉਨ੍ਹਾਂ ਦੀ ਸਾਂਭ ਸੰਭਾਲ ਨਹੀਂ ਕੀਤੀ ਗਈ ਅਤੇ ਉਥੇ ਵੀ ਸਰੂਪਾਂ ਦੀ ਬੇਅਦਬੀ ਹੋਈ ਹੈ। ਇਸ ਲਈ ਕਸੂਰਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਜ਼ਾਵਾਂ ਦਿਵਾਈਆਂ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਮਸਲਿਆਂ ਦਾ ਹੱਲ 15 ਦਿਨਾਂ ਵਿਚ ਨਾ ਕੀਤਾ ਗਿਆ ਤਾਂ ਇਸ ਤੋਂ ਬਾਅਦ ਹਾਲਾਤ ਵਿਗੜਨ ਜਾਂ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਉਸ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।
ਇਸ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਦੇ ਨਾਂ ’ਤੇ ਤਹਿਸੀਲਦਾਰ ਨੂੰ ਸੌਂਪਿਆ ਗਿਆ ਹੈ। ਸਿੱਖ ਆਗੂ ਬਲਵੰਤ ਸਿੰਘ ਗੋਪਾਲਾ ਨੇ ਸ਼੍ਰੋਮਣੀ ਕਮੇਟੀ ’ਤੇ ਦੋੋਸ਼ ਲਾਇਆ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਸਾਂਭ ਸੰਭਾਲ ਕਰਨ ਵਿਚ ਅਸਫ਼ਲ ਰਹੀ ਹੈ, ਜਿਸ ਕਾਰਨ ਸਿੱਖ ਸੰਗਤ ਵਿਚ ਭਾਰੀ ਰੋਸ ਹੈ।