ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 2 ਜਨਵਰੀ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਮਤਿ ਸੰਗੀਤ ਦੇ ਉਸਤਾਦ ਪਦਮਸ੍ਰੀ ਪ੍ਰੋ. ਕਰਤਾਰ ਸਿੰਘ ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਕਰਤਾਰ ਸਿੰਘ ਨੇ ਪੁਰਾਤਨ ਕੀਰਤਨ ਸ਼ੈਲੀ ਵਿੱਚ ਹਜ਼ਾਰਾਂ ਰਾਗੀ ਜਥਿਆਂ ਨੂੰ ਕੀਰਤਨ ਦੀ ਸਿਖਲਾਈ ਦੇਣ ਵਿੱਚ ਵੱਡੀਆਂ ਸੇਵਾਵਾਂ ਨਿਭਾਈਆਂ। ਉਨ੍ਹਾਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਦਿਆਰਥੀਆਂ ਨੂੰ ਤੰਤੀ ਸਾਜ਼ਾਂ ਵਿਚ ਕੀਰਤਨ ਕਰਨ ਲਈ ਨਿਪੁੰਨ ਕੀਤਾ। ਉਨ੍ਹਾਂ ਦਾ ਸੰਸਾਰ ਤੋਂ ਚਲੇ ਜਾਣਾ ਪੰਥ ਅਤੇ ਉਨ੍ਹਾਂ ਦੇ ਪਰਿਵਾਰ ਲਈ ਵੱਡਾ ਘਾਟਾ ਹੈ। ਪ੍ਰੋ. ਕਰਤਾਰ ਸਿੰਘ ਦੇ ਸਸਕਾਰ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ ਪੁੱਜੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।