ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਜੁਲਾਈ
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ, ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸ਼ਹੀਦ ਭਾਈ ਤਾਰੂ ਸਿੰਘ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ ਤੇ ਅੰਮ੍ਰਿਤਪਾਨ ਕਰਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਹਾਜ਼ਰ ਸਨ।