ਪੱਤਰ ਪ੍ਰੇਰਕ
ਸ੍ਰੀ ਫ਼ਤਹਿਗੜ੍ਹ ਸਾਹਿਬ, 20 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾ ਸਿੱਖਾਂ ਨਾਲ ਵਿਤਕਰਾ ਕੀਤਾ ਹੈ ਤੇ ਹਾਲ ਹੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਜੱਜਾਂ ਦੀ ਨਿਯੁਕਤੀ ਦੌਰਾਨ ਵੀ ਸਿੱਖਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਇਹ ਵਿਚਾਰ ਉਨ੍ਹਾਂ ਫ਼ਤਹਿਗੜ੍ਹ ਸਾਹਿਬ ਵਿੱਚ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਤੇ ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਦੀ ਹਾਜ਼ਰੀ ਵਿੱਚ ਪ੍ਰਗਟਾਏ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਜੱਜਾਂ ਦੀ ਨਿਯੁਕਤੀ ਲਈ 13 ਨਾਵਾਂ ਦੀ ਚੋਣ ਹੋਈ ਸੀ, ਜਿਸ ਵਿੱਚੋਂ 11 ਨੂੰ ਜੱਜਾਂ ਵਜੋਂ ਸਹੁੰ ਚੁਕਵਾ ਦਿੱਤੀ ਗਈ ਪਰ ਇਸ ਪੈਨਲ ਵਿਚ ਰਹਿੰਦੇ ਸਿੱਖ ਨੂੰ ਸਹੁੰ ਨਹੀਂ ਚੁਕਾਈ ਗਈ ਜਿਸ ਕਾਰਨ ਸਿੱਖ ਭਾਈਚਾਰਾ ਨਿਰਾਸ਼ ਹੈ। ਉਨ੍ਹਾਂ ਦੱਸਿਆ ਕਿ ਲਾਹੌਰ ਵਿੱਚ ਪਏ ਸਿੱਖ ਸਾਹਿਤ ਨੂੰ ਮੰਗਵਾਉਣ ਲਈ ਉਪਰਾਲੇ ਵੀ ਕੀਤੇ ਜਾਣਗੇ।