ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਜੂਨ
ਹਰਿਆਣਾ ਸਰਕਾਰ ਵੱਲੋਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਮਹੀਨੇ ਦੀ ਪੈਰੋਲ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਸਖਤ ਵਿਰੋਧ ਕੀਤਾ ਹੈ। ਸਿੱਖ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਦੋਸ਼ ਲਾਇਆ ਕਿ ਇਹ ਸਰਕਾਰ ਦੀ ਦੋਗਲੀ ਨੀਤੀ ਦਾ ਹਿੱਸਾ ਹੈ। ਇਕ ਪਾਸੇ ਸਰਕਾਰਾਂ ਸਿੱਖ ਬੰਦੀਆਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ ਜੇਲ੍ਹਾਂ ਤੋਂ ਰਿਹਾਅ ਨਹੀ ਕਰ ਰਹੀਆਂ ਅਤੇ ਦੂਜੇ ਪਾਸੇ ਡੇਰਾ ਸਿਰਸਾ ਮੁਖੀ, ਜੋ ਵੱਖ ਵੱਖ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਨੂੰ ਵਾਰ-ਵਾਰ ਜੇਲ੍ਹ ਤੋਂ ਬਾਹਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਸਿੱਖ ਬੰਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਪਰ ਇਸ ਐਲਾਨ ਨੂੰ ਹਾਲੇ ਤਕ ਬੂਰ ਨਹੀਂ ਪਿਆ। ਉਨਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਰਾਜਸੀ ਲਾਹਾ ਲੈਣ ਲਈ ਪਹਿਲਾਂ ਵੀ ਚੋਣਾਂ ਸਮੇਂ ਡੇਰਾ ਮੁਖੀ ਨੂੰ ਫਰਲੋ ਦੇ ਚੁੱਕੀ ਹੈ ਤੇ ਹੁਣ ਸੰਗਰੂਰ ਚੋਣ ਸਮੇਂ ਲਾਹਾ ਲੈਣ ਲਈ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਹੈ, ਜੋ ਕਿ ਗਲਤ ਹੈ।