ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 27 ਅਪਰੈਲ
ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਮੁਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਦੀ 12 ਏਕੜ ਜ਼ਮੀਨ ਨੂੰ ਗ੍ਰਹਿਣ ਕਰਨ ਤੋਂ ਰੋਕਣ ਅਤੇ ਬੱਸੀ ਪਠਾਣਾਂ ਜੇਲ੍ਹ ਨੂੰ ਕੌਮੀ ਵਿਰਾਸਤ ਵਜੋਂ ਸੰਭਾਲਣ ਲਈ ਸ਼੍ਰੋਮਣੀ ਕਮੇਟੀ ਨੂੰ ਸੌਂਪਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਮੁਲਾਕਾਤ ਦੌਰਾਨ ਸਿੱਖ ਕੌਮ ਦੇ ਕਈ ਅਹਿਮ ਮਸਲਿਆਂ ਦੇ ਹੱਲ ਲਈ ਪੱਤਰ ਦਿੱਤਾ। ਅੱਜ ਇਥੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਮੁਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਦੀ ਕਰੀਬ 12 ਏਕੜ ਜ਼ਮੀਨ ਨੂੰ ਗਮਾਡਾ ਐਕਵਾਇਰ ਕਰਨਾ ਚਾਹੁੰਦਾ ਹੈ, ਜਿਸ ਨੂੰ ਰੋਕਣ ਲਈ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ। ਗੁਰੂ ਘਰ ਦੀ ਜਾਇਦਾਦ ਕੌਮ ਦੀ ਅਮਾਨਤ ਹੈ, ਜਿਸ ਨੂੰ ਹਥਿਆਉਣ ਨਹੀਂ ਦਿੱਤਾ ਜਾਵੇਗਾ। ਬੱਸੀ ਪਠਾਣਾਂ ਦੀ ਜੇਲ੍ਹ ਉਹ ਇਤਿਹਾਸਕ ਅਸਥਾਨ ਹੈ, ਜਿਥੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਕੁਝ ਸਮਾਂ ਰੱਖਿਆ ਗਿਆ ਸੀ। ਸ਼੍ਰੋਮਣੀ ਕਮੇਟੀ ਇਸ ਨੂੰ ਕੌਮੀ ਵਿਰਾਸਤ ਵਜੋਂ ਸੰਭਾਲਣਾ ਚਾਹੁੰਦੀ ਹੈ। ਦੀਵਾਨ ਟੋਡਰਮੱਲ ਹਵੇਲੀ ਦੇ ਕਾਰਜ ਕਰਨ ਲਈ ਪ੍ਰਵਾਨਗੀ ਮੰਗੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦਰਬਾਰ ਸਾਹਿਬ ਵਿਖੇ ਲਗਾਏ ਜਾ ਰਹੇ ਸੋਲਰ ਸਿਸਟਮ ਦਾ ਮਸਲਾ ਵੀ ਮੁੱਖ ਮੰਤਰੀ ਕੋਲ ਰੱਖਿਆ। ਸ਼੍ਰੋਮਣੀ ਕਮੇਟੀ 2.2 ਮੈਗਾਵਾਟ ਦਾ ਸੋਲਰ ਸਿਸਟਮ ਸੰਗਤ ਦੇ ਸਹਿਯੋਗ ਨਾਲ ਲਗਾਉਣਾ ਚਾਹੁੰਦੀ ਹੈ। ਇਸ ਲਈ ਨੇੜੇ ਜਗ੍ਹਾ ਨਾ ਹੋਣ ਕਾਰਨ ਇਸ ਨੂੰ ਗੁਰਦੁਆਰਾ ਸਤਲਾਣੀ ਸਾਹਿਬ ਦੀ ਜ਼ਮੀਨ ਵਿਚ ਲਗਾਉਣ ਦੀ ਯੋਜਨਾ ਹੈ। ਇਸ ਸਬੰਧੀ ਮਨਜੂਰੀ ਲਈ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ। ਮੁੱਖ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਐਸ.ਸੀ. ਕੋਟੇ ਦੇ ਸਕਾਰਲਸ਼ਿਪ ਦੀ ਰਕਮ ਜੋ ਲਗਪਗ 43 ਕਰੋੜ ਰੁਪਏ ਹੈ, ਤੁਰੰਤ ਜਾਰੀ ਕਰਨ ਲਈ ਆਖਿਆ ਹੈ। ਇਹ ਰਕਮ ਸਾਲ 2017 ਤੋਂ 2019 ਤੱਕ ਦਾ ਬਕਾਇਆ ਹੈ, ਜੋ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ।
ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਆਉਂਦੀਆਂ ਸੰਗਤਾਂ ਦੀ ਰਿਹਾਇਸ਼ ਲਈ ਨਵੀਆਂ ਸਰਾਵਾਂ ਬਣਾਉਣ ਲਈ ਸਬੰਧਤ ਵਿਭਾਗ ਨੂੰ ਨਕਸ਼ੇ ਪਾਸ ਕਰਨ ਸਬੰਧੀ ਹਦਾਇਤਾਂ ਜਾਰੀ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਸਾਰੇ ਮਾਮਲਿਆਂ ਬਾਰੇ ਹਾਂਪੱਖੀ ਹੁੰਗਾਰਾ ਦਿੰਦਿਆਂ ਇਨ੍ਹਾਂ ਨੂੰ ਜਲਦੀ ਹੱਲ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ, ਡਾ. ਸੁਖਬੀਰ ਸਿੰਘ ਓਐਸਡੀ ਤੇ ਇੰਦਰਪਾਲ ਸਿੰਘ ਮੌਜੂਦ ਸਨ।
ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਨੇ ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸੱਦਾ ਵੀ ਦਿੱਤਾ ਹੈ।