ਰਵਿੰਦਰ ਰਵੀ
ਬਰਨਾਲਾ, 8 ਨਵੰਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬੀਤੇ ਦਿਨ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਕਈ ਘੰਟੇ ਕੀਤੇ ਘਿਰਾਓ ਨੇ ਬਰਨਾਲਾ ਵਿੱਚ ਰਹਿ ਰਹੇ ਸੂਬਾ ਪੱਧਰੀ ਤੇ ਹੋਰ ਭਾਜਪਾ ਆਗੂਆਂ ਨੂੰ ਕੰਬਣੀ ਛੇੜ ਦਿੱਤੀ ਹੈ।
ਕਿਸਾਨ ਯੂਨੀਅਨ ਪਿਛਲੇ ਕਰੀਬ ਇੱਕ ਮਹੀਨੇ ਤੋਂ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੇ ਘਰ ਦਾ ਘਿਰਾਓ ਕਰਕੇ ਮੋਦੀ ਸਰਕਾਰ ਤੇ ਭਾਜਪਾ ਆਗੂ ਦਾ ਪਿੱਟ ਸਿਆਪਾ ਕਰ ਰਹੀ ਹੈ। ਇੱਥੇ ਵੱਡੀ ਗਿਣਤੀ ਵਿੱਚ ਔਰਤਾਂ ਵੱਲੋਂ ਵੈਣ ਪਾ ਕੇ ਤੇ ਛਾਤੀਆਂ ਪਿੱਟ ਕੇ ਰੋਸ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਯੂਨੀਅਨ ਆਗੂਆਂ ਦਾ ਦਾਅਵਾ ਹੈ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਨੇ ਆਪਣਾ ਅੜੀਅਲ ਵਤੀਰਾ ਨਾ ਛੱਡਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੂਬਾ ਪੱਧਰੀ ਆਗੂਆਂ ਤੇ ਸੀਨੀਅਰ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਅੱਜ ਸੈਂਕੜੇ ਔਰਤਾਂ ਨਾਲ ਆਏ ਪੋਤੇ-ਪੋਤੀਆਂ ਨੇ ਭਾਜਪਾ ਆਗੂ ਯਾਦਵਿੰਦਰ ਸ਼ੰਟੀ ਦੇ ਘਰ ਮੂਹਰੇ ਲਾਏ ਧਰਨੇ ਵਿੱਚ ਸ਼ਮੂਲੀਅਤ ਕਰਦਿਆਂ ਭਾਜਪਾ ਆਗੂ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਰੂਪ ਸਿੰਘ ਛੰਨਾ, ਬਲੌਰ ਸਿੰਘ ਛੰਨਾ, ਕ੍ਰਿਸ਼ਨ ਸਿੰਘ ਛੰਨਾ, ਦਰਸ਼ਨ ਸਿੰਘ ਚੀਮਾ, ਜਰਨੈਨ ਸਿੰਘ ਬਦਰਾ, ਸੰਦੀਪ ਚੀਮਾ ਅਤੇ ਕਮਲਜੀਤ ਕੌਰ ਨੇ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ਦੀ ਮੌਤ ਦੇ ਵਾਰੰਟ ਹਨ, ਜਿਸ ਕਰਕੇ ਪੰਜਾਬ ਦੇ ਕਿਸਾਨ ਪਹਿਲੇ ਦਿਨ ਤੋਂ ਇਨ੍ਹਾਂ ਦਾ ਵਿਰੋਧ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਅੜੀਅਲ ਵਤੀਰਾ ਨਾ ਛੱਡਿਆ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ।
ਸ਼ਵੇਤ ਮਲਿਕ ਦੇ ਘਰ ਦਾ ਘਿਰਾਓ ਜਾਰੀ
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਖੇਤੀ ਕਾਨੂੰਨਾਂ ਖ਼ਿਲਾਫ਼ 31 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦਾ ਘਿਰਾਓ ਅੱਜ 39ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਇੱਕ ਪਾਸੇ ਖੇਤੀ ਕਾਨੂੰਨ ਲਿਆ ਕੇ ਪੰਜਾਬ ਦੇ ਖੇਤੀ ਆਧਾਰਤ ਅਰਥਚਾਰੇ ਨੂੰ ਤਬਾਹ ਕਰਨ ਦੀ ਚਾਲ ਚੱਲੀ ਹੈ ਅਤੇ ਹੁਣ ਦੂਜੇ ਪਾਸੇ ਕਿਸਾਨ ਅੰਦੋਲਨ ਦਬਾਉਣ ਲਈ ਮਾਲ ਗੱਡੀਆਂ ਰੋਕ ਕੇ ਆਰਥਿਕ ਘੇਰਾਬੰਦੀ ਕਰਦਿਆਂ ਸੂਬੇ ਦੀ ਆਰਥਿਕਤਾ ਨੂੰ ਸੱਟ ਮਾਰੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਆਖਿਆ ਕਿ ਮੋਦੀ ਸਰਕਾਰ ਆਪਣੇ ਫਾਸ਼ੀਵਾਦੀ ਏਜੰਡੇ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਕਰ ਕੇ ਪੰਜਾਬੀਆਂ ਨੂੰ ਝੁਕਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਕਾਰਕੁਨ ਮੰਗਾਂ ਮਨਵਾਊਣ ਲਈ ਦੋ ਦਿਨ 26 ਤੇ 27 ਨਵੰਬਰ ਨੂੰ ਦਿੱਲੀ ਘੇਰਨਗੇ ਅਤੇ ਜਥੇਬੰਦੀਆਂ ਨੇ ਕਿਸਾਨਾਂ ਨੂੰ ਵੱਡੇ ਪੱਧਰ ’ਤੇ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ।