ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਨਵੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਅੱਗੇ ਅੱਜ 53ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਤਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰੀਤ ਸਿੰਘ ਪੰਨੂ, ਹਰਜੀਤ ਸਿੰਘ ਝੀਤੇ ਨੇ ਆਖਿਆ ਕਿ ਕਿਸਾਨਾਂ ਵੱਲੋਂ ਵਪਾਰੀਆਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਯਾਤਰੂ ਗੱਡੀਆਂ ਨੂੰ ਰਾਹ ਦੇਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਕੇਂਦਰ ਵੱਲੋਂ ਪੰਜਾਬ ਦੀ ਕੀਤੀ ਘੇਰਾਬੰਦੀ ਖਤਮ ਹੋ ਸਕੇ। ਉਨ੍ਹਾਂ ਆਖਿਆ ਕਿ ਭਾਜਪਾ ਦੀ ਕੇਂਦਰੀ ਹਕੂਮਤ ਕੋਲੋਂ ਵਧੇਰੇ ਹਮਦਰਦੀ ਜਾਂ ਰਾਹਤ ਦੀ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਘਿਰਾਓ ਲਈ ਕਿਸਾਨਾਂ ਵਿਚ ਉਤਸ਼ਾਹ ਹੈ ਅਤੇ ਜਥੇਬੰਦੀਆਂ ਵੱਲੋਂ ਸਮੁੱਚੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।