ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 29 ਨਵੰਬਰ
ਆਗਾਮੀ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਮੁਹਿੰਮ ਆਰੰਭ ਕਰਨ, ਆਪਣੇ ਉਮੀਦਵਾਰਾਂ ਦੀ ਜਿੱਤ ਅਤੇ ਚੜ੍ਹਦੀ ਕਲਾ ਲਈ ਇੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਰਖਵਾਏ ਗਏ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਖਿਆ ਕਿ ਜੇਕਰ ਸੂਬੇ ਵਿੱਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਆਈ ਤਾਂ ਲੋਕਾਂ ਦਾ ਜੀਵਨ ਪੱਧਰ ਹੋਰ ਉੱਚਾ ਚੁੱਕਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਤੇ ਹੋਰ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਐਲਾਨੇ ਹੋਏ ਉਮੀਦਵਾਰ ਹਾਜ਼ਰ ਸਨ। ਇਸ ਮੌਕੇ ਸ੍ਰੀ ਬਾਦਲ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਦਾ ਪੰਜ ਸਾਲਾਂ ਦਾ ਸਮਾਂ ਬਰਬਾਦ ਕੀਤਾ ਹੈ। ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ਤੇਜ਼ੀ ਨਾਲ ਅਗਾਂਹ ਵਧ ਰਿਹਾ ਸੀ, ਵਿਕਾਸ ਹੋ ਰਿਹਾ ਸੀ ਪਰ ਕਾਂਗਰਸ ਸਰਕਾਰ ਦੇ ਆਉਣ ਮਗਰੋਂ ਵਿਕਾਸ ਰੁਕ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਸੱਤਾ ਵਿੱਚ ਆਈ ਤਾਂ ਲੋਕਾਂ ਨੂੰ ਚੰਗੀ ਸਰਕਾਰ ਦਿੱਤੀ ਜਾਵੇਗੀ ਤੇ ਅਕਾਲੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਆਟਾ-ਦਾਲ ਸਕੀਮ, ਸ਼ਗਨ ਸਕੀਮ ਤੇ ਹੋਰ ਸਕੀਮਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਸ੍ਰੀ ਬਾਦਲ ਆਖਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਲੋਕਾਂ ਨੂੰ ਗਾਰੰਟੀ ਦੇਣ ਤੇ ਵਾਅਦੇ ਕਰਨ ਤੋਂ ਪਹਿਲਾਂ ਇਨ੍ਹਾਂ ਨੂੰ ਦਿੱਲੀ ਵਿੱਚ ਲਾਗੂ ਕਰਨ। ਉਨ੍ਹਾਂ ਕੇਂਦਰ ਨੂੰ ਅਪੀਲ ਕੀਤੀ ਕਿ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਬਿਨਾਂ ਸ਼ਰਤ ਰੱਦ ਕੀਤੇ ਜਾਣ ਤੇ ਐੱਮਐੱਸਪੀ ਦੀ ਗਾਰੰਟੀ ਲਈ ਕਾਨੂੰਨ ਬਣਾਇਆ ਜਾਵੇ।