ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਮਈ
‘ਆਪ’ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਹੈ ਕਿ ਭਾਰਤ ਮਾਲਾ ਯੋਜਨਾ ਦੇ ਅਧੀਨ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ ਦੀ ਉਸਾਰੀ ਲਈ ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਖੋਹਣ ਲੱਗੀ ਹੈ। ਸੂਬਾ ਸਰਕਾਰ ਨੇ ਐਕਸਪ੍ਰੈੱਸ ਵੇਅ ਅਧੀਨ ਆਉਂਦੀ ਪੰਜਾਬ ਦੀ ਜ਼ਮੀਨ ਦੇ ਪੈਸੇ ਧੱਕੇਸ਼ਾਹੀ ਨਾਲ ਕਿਸਾਨਾਂ ਦੇ ਖਾਤਿਆਂ ਵਿੱਚ ਪਾਉਣ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਕਿਸਾਨਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਜ਼ਮੀਨ ਦੀ ਸਰਕਾਰੀ ਕੀਮਤ 60 ਦਿਨਾਂ ਦੇ ਅੰਦਰ ਨਾ ਲਈ ਤੇ ਜ਼ਮੀਨ ਦਾ ਕਬਜ਼ਾ ਨਾ ਦਿੱਤਾ ਤਾਂ ਪੰਜਾਬ ਪੁਲੀਸ ਦੀ ਮਦਦ ਨਾਲ ਜ਼ਮੀਨ ’ਤੇ ਕਬਜ਼ਾ ਕੀਤਾ ਜਾਵੇਗਾ।
ਸੰਸਦ ਮੈਂਬਰ ਨੇ ਦੋਸ਼ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨੂੰ ਖ਼ੁਸ਼ ਕਰਨ ਲਈ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੀਮਤ ਕੁਲੈਕਟਰ ਦਰਾਂ ’ਤੇ ਧੱਕੇ ਨਾਲ ਦੇ ਰਹੇ ਹਨ।‘ਆਪ’ ਆਗੂ ਨੇ ਕਿਹਾ ਕਿ ਕਿਸਾਨਾਂ ਨੂੰ ਜ਼ਮੀਨ ਦਾ ਕੁਲੈਕਟਰ ਮੁੱਲ ਦੀ ਥਾਂ ਬਾਜ਼ਾਰੀ ਮੁੱਲ ਮਿਲਣਾ ਚਾਹੀਦਾ ਹੈ ਅਤੇ ਕਿਸਾਨਾਂ ਨੂੰ ਨਵੇਂ ਬਣ ਰਹੇ ਐਕਸਪ੍ਰੈੱਸ ਵੇਅ ਤੋਂ ਆਮ ਸੜਕਾਂ ਬਣਾ ਕੇ ਦਿੱਤੀਆਂ ਜਾਣ। ਐਕਸਪ੍ਰੈੱਸ ਵੇਅ ਨਾਲ ਲਗਦੀ ਜ਼ਮੀਨ ’ਤੇ ਕੋਈ ਕਾਰੋਬਾਰ ਕਰਨ ਲਈ ਐਨਓਸੀ ਦੀ ਸ਼ਰਤ ਵੀ ਖ਼ਤਮ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਐਕਸਪ੍ਰੈੱਸ ਵੇਅ ਤੋਂ ਮੀਂਹ ਦੇ ਪਾਣੀ ਦੀ ਉਚਿਤ ਨਿਕਾਸੀ ਵਿਵਸਥਾ ਕੀਤੀ ਜਾਵੇ। ਇਸ ਮਾਰਗ ਅਧੀਨ ਜ਼ਮੀਨ ਆਉਣ ਵਾਲੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।