ਕੁਲਦੀਪ ਸਿੰਘ
ਚੰਡੀਗੜ੍ਹ, 23 ਜਨਵਰੀ
ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈੱਡਰੇਸ਼ਨਾਂ ਵੱਲੋਂ 23-24 ਫਰਵਰੀ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਦੋ-ਰੋਜ਼ਾ ਹੜਤਾਲ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਵੀ ਸ਼ਮੂਲੀਅਤ ਕਰੇਗੀ।
ਫੈੱਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਵਿੱਤ ਸਕੱਤਰ ਮਨਜੀਤ ਸਿੰਘ ਸੈਣੀ, ਮੁੱਖ ਸਲਾਹਕਾਰ ਵੇਦ ਪ੍ਰਕਾਸ਼ ਸ਼ਰਮਾ ਅਤੇ ਪ੍ਰੈੱਸ ਸਕੱਤਰ ਇੰਦਰਜੀਤ ਵਿਰਦੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖਿਲਾਫ਼ ਲੰਬੇ ਸਮੇਂ ਤੋਂ ਸਾਂਝੇ ਤੌਰ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਸੂਬੇ ਅੰਦਰ ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਬੈਨਰ ਹੇਠ ਸੰਘਰਸ਼ ਚੱਲ ਰਿਹਾ ਹੈ ਅਤੇ ਕੇਂਦਰ ਸਰਕਾਰ ਖ਼ਿਲਾਫ਼ ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈੱਡਰੇਸ਼ਨ ਦੇ ਸੱਦੇ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ, ਖਾਲੀ ਅਸਾਮੀਆਂ ਨੂੰ ਪੱਕੇ ਤੌਰ ’ਤੇ ਭਰਤੀ ਕਰਕੇ ਭਰਨ, ਨਿੱਜੀਕਰਨ ਦੀ ਨੀਤੀ ਬੰਦ ਕਰਵਾਉਣ, ਹਰ ਪ੍ਰਕਾਰ ਦੇ ਕੱਚੇ, ਆਊਟ ਸੋਰਸਿੰਗ, ਪਾਰਟ-ਟਾਈਮ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੂਰੇ ਗਰੇਡ ਅਤੇ ਭੱਤਿਆਂ ਤਹਿਤ ਰੈਗੂਲਰ ਕਰਨ, ਲੇਬਰ ਕੋਡ, ਬਿਜਲੀ ਬਿੱਲ, ਨਵੀਂ ਸਿੱਖਿਆ ਨੀਤੀ ਰੱਦ ਕਰਵਾਉਣ, 4-9-4-14 ਸਾਲਾ ਲਾਭ ਲੈਣ, ਪੈਨਸ਼ਨਰਾਂ ਨੂੰ 65, 70, 75, 80 ਸਾਲ ’ਤੇ ਬੇਸਿਕ ਪੈਨਸ਼ਨ ਦਾ 5 ਫੀਸਦੀ ਵਾਧਾ ਦੇਣ, ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ ਆਦਿ ਮੁੱਦਿਆਂ ਨੂੰ ਲੈ ਕੇ ਇਹ ਹੜਤਾਲ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਫੈੱਡਰੇਸ਼ਨ ਵੱਲੋਂ ਵੀ ਜਥੇਬੰਦਕ ਫਰਜ਼ ਸਮਝਦਿਆਂ ਪੂਰਨ ਤੌਰ ’ਤੇ ਇਸ ਹੜਤਾਲ ਵਿੱਚ ਹਿੱਸਾ ਲਿਆ ਜਾਵੇਗਾ ਤੇ ਮੁਲਾਜ਼ਮਾਂ ਵੱਲੋਂ ਹੜਤਾਲ ਕਰਕੇ ਸੂਬੇ ਅੰਦਰ ਵੱਖ-ਵੱਖ ਥਾਵਾਂ ’ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਵਿੱਚ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
ਇਸ ਮੌਕੇ ਜਥੇਬੰਦੀ ਦੇ ਆਗੂਆਂ ਕਰਮਜੀਤ ਬੀਹਲਾ, ਰਾਮਜੀਦਾਸ ਚੌਹਾਨ, ਦਰਸ਼ਨ ਬੇਲੂਮਾਜਰਾ, ਸੁਖਵਿੰਦਰ ਚਾਹਲ, ਨੀਨਾ ਜੌਨ ਨੇ ਦੱਸਿਆ ਕਿ ਹੜਤਾਲ ਨੂੰ ਕਾਮਯਾਬ ਕਰਨ ਲਈ ਜਥੇਬੰਦੀ ਵੱਲੋਂ ਸੂਬਾ ਪੱਧਰੀ ਮੀਟਿੰਗ ਕਰਕੇ ਜ਼ਿਲ੍ਹਾ ਅਤੇ ਬਲਾਕ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ।