ਕੁਲਦੀਪ ਸਿੰਘ
ਚੰਡੀਗੜ੍ਹ, 19 ਸਤੰਬਰ
ਸੰਘਰਸ਼ਾਂ ਦੌਰਾਨ ਕੀਤੀਆਂ ਵਿਭਾਗੀ ਕਾਰਵਾਈਆਂ ਨੂੰ ਰੱਦ ਕਰਨ ਸਬੰਧੀ ਕੈਬਨਿਟ ਮੰਤਰੀਆਂ ਦੀ ਕਮੇਟੀ ਵੱਲੋਂ ਦਿੱਤੀ ਸਹਿਮਤੀ ਲਾਗੂ ਨਾ ਕਰਨ ਤੋਂ ਖਫ਼ਾ ਅਧਿਆਪਕਾਂ ਨੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੱਦੇ ’ਤੇ ਸੰਗਰੂਰ, ਪਟਿਆਲਾ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਮੁਕਤਸਰ, ਹੁਸ਼ਿਆਰਪੁਰ, ਬਰਨਾਲਾ, ਮਾਨਸਾ, ਫਾਜ਼ਿਲਕਾ, ਫਤਹਿਗੜ੍ਹ ਸਾਹਿਬ, ਬਠਿੰਡਾ, ਕਪੂਰਥਲਾ, ਜਲੰਧਰ ਅਤੇ ਫਰੀਦਕੋਟ ਵਿੱਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਪੁਤਲੇ ਫੂਕੇ। ਡੀਟੀਐੱਫ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ, ਜਨਰਲ ਸਕੱਤਰ ਜਸਵਿੰਦਰ ਝਬੇਲਵਾਲੀ ਤੇ ਸੀਨੀਅਰ ਮੀਤ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਦੱਸਿਆ ਕਿ ਆਦਰਸ਼ ਸਕੂਲ ਮੈਨੇਜਮੈਂਟਾਂ (ਪੀਪੀਪੀ) ਵੱਲੋਂ ਕੀਤੇ ਘਪਲਿਆਂ ਨੂੰ ਉਜਾਗਰ ਕਰਨ ਵਾਲੇ ਆਗੂਆਂ ਦੀ ਟਰਮੀਨੇਸ਼ਨ ਰੱਦ ਕਰਨ, ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਆਗੂਆਂ ਦੀ ਬੇਵਜ੍ਹਾ ਕੀਤੀ ਮੁਅੱਤਲੀ ਦੀ ਪੈਡਿੰਗ ਜਾਂਚ ਰੱਦ ਕਰਨ, ਸਾਂਝਾ ਅਧਿਆਪਕ ਮੋਰਚਾ ਦੇ ਕਨਵੀਨਰਾਂ ਨੂੰ ਸਰਕਾਰ ਅਤੇ ਉੱਚ ਅਧਿਕਾਰੀਆਂ ਦੀ ਸ਼ਹਿ ’ਤੇ ਜਾਰੀ ਚਾਰਜਸ਼ੀਟਾਂ ਰੱਦ ਕਰਨ, 8886 ਅਧਿਆਪਕਾਂ ਦੇ ਰੈਗੂਲਰ ਆਰਡਰ ਜਾਰੀ ਕਰਨ ਅਤੇ ਅਧਿਆਪਕਾਂ ਨੂੰ ਪਿਤਰੀ ਸਟੇਸ਼ਨਾਂ ’ਤੇ ਮੁੜ ਹਾਜ਼ਰ ਕਰਵਾਉਣ ਆਦਿ ਮੰਗਾਂ ਵਿੱਚ ਸਿੱਖਿਆ ਸਕੱਤਰ ਵੱਲੋਂ ਲਗਾਤਾਰ ਅੜਿੱਕੇ ਲਗਾਏ ਜਾ ਰਹੇ ਹਨ, ਜਿਸ ਕਾਰਨ ਅਧਿਆਪਕਾਂ ਵਿੱਚ ਰੋਸ ਹੈ।