ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਅਗਸਤ
ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ ਨੇ ਅੱਜ ਮੁੜ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੀ ਬਤੌਰ ਉਪ-ਕੁਲਪਤੀ ਅਤੇ ਅਧਿਆਪਕ ਦੀ ਯੋਗਤਾ ’ਤੇ ਸਵਾਲ ਚੁੱਕੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਯੂਨੀਵਰਸਿਟੀ ਵਿਚ ਕੁਝ ਅਹਿਮ ਅਹੁਦਿਆਂ ’ਤੇ ਕੀਤੀਆਂ ਗਈਆਂ ਨਿਯੁਕਤੀਆਂ ਵਿਚ ਵੀਸੀ ਨੇ ਆਪਣੇ ਚਹੇਤਿਆਂ ਨੂੰ ਤਰਜੀਹ ਦਿੱਤੀ ਅਤੇ ਨਿਯਮਾਂ ਨੂੰ ਅੱਖੋਂ-ਪਰੋਖੇ ਕੀਤਾ। ਇਸ ਸਬੰਧੀ ਸ਼ਿਕਾਇਤ ਪਿਛਲੀ ਸਰਕਾਰ ਵੇਲੇ ਵੀ ਕੀਤੀ ਗਈ ਸੀ ਪਰ ਕਾਂਗਰਸ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਦੂਜੇ ਪਾਸੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਟੀਚਰ ਐਸੋਸੀਏਸ਼ਨ ਦੇ ਆਗੂਆਂ ਵੱਲੋਂ ਲਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਨਿਰਾਧਾਰ ਦੱਸਿਆ ਹੈ।