ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਾਤਾਰ ਤੀਜੇ ਦਿਨ ਵੀ ਗਿਰਾਵਟ ਦਾ ਦਾਅਵਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਨਵੰਬਰ
ਪੰਜਾਬ ਪੁਲੀਸ ਨੇ ਦਾਅਵਾ ਕੀਤਾ ਹੈ ਕਿ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਸਿਰਫ਼ 634 ਮਾਮਲਿਆਂ ਦੇ ਨਾਲ ਲਗਾਤਾਰ ਤੀਜੇ ਦਿਨ ਗਿਰਾਵਟ ਦਰਜ ਕੀਤੀ ਗਈ, ਜੋ ਅੱਜ ਭਾਵ ਸੋਮਵਾਰ ਨੂੰ ਦੀਵਾਲੀ ਤੋਂ ਬਾਅਦ ਸਭ ਤੋਂ ਘੱਟ ਬਣਦੀ ਹੈ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲੀਸ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਲਗਾਤਾਰ ਤੀਜੇ ਦਿਨ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਘੱਟੋ-ਘੱਟ 28.8 ਫ਼ੀਸਦੀ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਐਤਵਾਰ ਤੇ ਸ਼ਨਿਚਰਵਾਰ ਨੂੰ ਸੂਬੇ ਵਿੱਚ ਕ੍ਰਮਵਾਰ 740 ਅਤੇ 637 ਖੇਤਾਂ ਵਿੱਚ ਅੱਗ ਲਗਾਉਣ ਦੇ ਕੇਸ ਦਰਜ ਕੀਤੇ ਹਨ। ਉਨ੍ਹਾਂ ਦੱਸਿਆ ਕਿ 8 ਨਵੰਬਰ ਤੋਂ ਹੁਣ ਤੱਕ ਪੁਲੀਸ ਟੀਮਾਂ ਨੇ 1084 ਐੱਫਆਈਆਰ ਦਰਜ ਕੀਤੀਆਂ ਹਨ, ਜਦਕਿ 7990 ਮਾਮਲਿਆਂ ਵਿੱਚ 1.87 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਇਸ ਸਮੇਂ ਦੌਰਾਨ 340 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ (ਰੈੱਡ ਐਂਟਰੀਜ਼) ਵੀ ਕੀਤੀਆਂ ਗਈਆਂ ਹਨ।
ਪਰਾਲੀ ਪ੍ਰਦੂਸ਼ਣ ਘਟਾਉਣ ਵਿੱਚ ਰੂਪਨਗਰ ਜ਼ਿਲ੍ਹੇ ਦੀ ਝੰਡੀ
ਰੂਪਨਗਰ (ਪੱਤਰ ਪ੍ਰੇਰਕ): ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਮਾਮਲੇ ਘਟਾਉਣ ਵਿੱਚ ਜ਼ਿਲ੍ਹਾ ਰੂਪਨਗਰ ਪੂਰੇ ਪੰਜਾਬ ’ਚੋਂ ਮੋਹਰੀ ਜ਼ਿਲ੍ਹਾ ਬਣ ਗਿਆ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਾਰੀਆਂ ਡਿਵੀਜ਼ਨਾਂ ਦੇ ਸਬ ਡਿਵੀਜ਼ਨ ਮੈਜਿਸਟਰੇਟਾਂ ਤੋਂ ਇਲਾਵਾ ਪੁਲੀਸ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ 85 ਨੋਡਲ ਅਫ਼ਸਰਾਂ ਅਤੇ 51 ਕਲੱਸਟਰ ਅਫ਼ਸਰਾਂ ਨੇ ਜਿੱਥੇ ਪਿੰਡਾਂ ਵਿੱਚ ਮੀਟਿੰਗਾਂ ਕਰ ਕੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ, ਉੱਥੇ ਹੀ ਡਿਪਟੀ ਕਮਿਸ਼ਨਰ ਨੇ ਪਿੰਡਾਂ ਵਿੱਚ ਕਿਸਾਨਾਂ ਨਾਲ ਨੁੱਕੜ ਮੀਟਿੰਗਾਂ ਕਰਦਿਆਂ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸਾਲ 2021 ਵਿੱਚ ਪਰਾਲੀ ਸਾੜਨ ਦੇ 307, ਸਾਲ 2022 ਵਿੱਚ 246 ਅਤੇ ਇਸ ਸਾਲ 2023 ਵਿੱਚ ਸਿਰਫ਼ 46 ਮਾਮਲੇ ਹੀ ਸਾਹਮਣੇ ਆਏ ਹਨ।