ਜੋਗਿੰਦਰ ਸਿੰਘ ਮਾਨ
ਮਾਨਸਾ, 5 ਸਤੰਬਰ
ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕੋਰ ਕਮੇਟੀ ਦੇ ਦੋ ਮੈਂਬਰਾਂ ਜਗਜੀਤ ਸਿੰਘ ਡੱਲੇਵਾਲ ਅਤੇ ਸ਼ਿਵ ਕੁਮਾਰ ਕੱਕਾ ਨੂੰ ਸੰਯੁਕਤ ਕਿਸਾਨ ਮੋਰਚਾ ਵਿਰੋਧੀ ਕਾਰਵਾਈਆਂ ਕਰ ਕੇ ਮੋਰਚੇ ’ਚੋਂ ਕੱਢ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਗੂਆਂ ਨੂੰ ਕੱਢਣ ਦੀ ਕਾਰਵਾਈ ਦਿੱਲੀ ਵਿੱਚ ਉਨ੍ਹਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੀਤੀ ਗਈ, ਜਿਸ ਵਿੱਚ ਡਾ. ਦਰਸ਼ਨ ਪਾਲ, ਰਾਕੇਸ਼ ਟਿਕੈਤ, ਹਨਨ ਮੌਲਾ, ਤੇਜਿੰਦਰ ਸਿੰਘ ਵਿਰਕ, ਜੋਗਿੰਦਰ ਸਿੰਘ ਉਗਰਾਹਾਂ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਅਤੇ ਸ਼ਿਵ ਕੁਮਾਰ ਕੱਕਾ ਵੱਲੋਂ ਅੰਦੋਲਨ ਵਿੱਚ ਫੁੱਟ ਪਾਉਣ ਵਾਲੀਆਂ ਧਿਰਾਂ ਨਾਲ ਸਾਂਝ-ਭਿਆਲੀ ਕਾਇਮ ਕੀਤੀ ਹੋਈ ਹੈ। ਇਹ ਆਗੂ ਮੋਰਚੇ ਦੀਆਂ ਮੀਟਿੰਗਾਂ ਦੌਰਾਨ ਹੁੰਦੇ ਫ਼ੈਸਲਿਆਂ ਨੂੰ ਮੀਡੀਆ ਸਣੇ ਖੁਫ਼ੀਆ ਏਜੰਸੀਆਂ ਦੇ ਆਗੂਆਂ ਕੋਲ ਲੀਕ ਕਰਦੇ ਸਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਮੋਰਚੇ ’ਚੋਂ ਕੱਢਣ ਵਾਲੇ ਲੋਕਾਂ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ 15 ਜਨਵਰੀ 2022 ਨੂੰ ਉਸ ਵੇਲੇ ਕੱਢ ਦਿੱਤਾ ਗਿਆ ਸੀ, ਜਦੋਂ ਇਨ੍ਹਾਂ 22 ਜਥੇਬੰਦੀਆਂ ਨੇ ਰਾਜਨੀਤਕ ਰੂਪ ਦਿੱਤਾ ਸੀ। ਦੱਸਣਯੋਗ ਹੈ ਕਿ ਮੋਰਚੇ ਦੇ ਇਨ੍ਹਾਂ ਤਿੰਨ ਆਗੂਆਂ ਨੂੰ ਬਾਹਰ ਦਾ ਰਸਤਾ ਵਿਖਾਉਣ ਤੋਂ ਬਾਅਦ ਇੱਕ ਵਾਰ ਮੁੜ ਸੰਯੁਕਤ ਕਿਸਾਨ ਮੋਰਚੇ ਵਿੱਚ ਤਰੇੜ ਪੈਦਾ ਹੋ ਗਈ ਹੈ ਜਿਸ ਸਬੰਧੀ ਰੁਲਦੂ ਸਿੰਘ ਨੇ ਕਿਹਾ ਕਿ ਅਜਿਹੇ ਆਗੂਆਂ ਨੂੰ ਕਾਫ਼ੀ ਸਮਾਂ ਪਹਿਲਾਂ ਕੱਢਣਾ ਚਾਹੀਦਾ ਸੀ ਤੇ ਮੋਰਚੇ ਵੱਲੋਂ ਕਈ ਵਾਰ ਇਨ੍ਹਾਂ ਦੀਆਂ ਗਤੀਵਿਧੀਆਂ ਤੋਂ ਸੁਚੇਤ ਕੀਤਾ ਗਿਆ ਸੀ।
ਮੋਰਚੇ ਵੱਲੋਂ ਯੋਗੇਂਦਰ ਯਾਦਵ ਦਾ ਅਸਤੀਫ਼ਾ ਮਨਜ਼ੂਰ
ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਤਾਲਮੇਲ ਕਮੇਟੀ ਮੈਂਬਰ ਯੋਗੇਂਦਰ ਯਾਦਵ ਨੇ ਮੋਰਚੇ ਦੀ ਮੈਂਬਰੀ ਤੋਂ ਅਸਤੀਫ਼ਾ ਦਿੱਤਾ ਹੈ ਜਿਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਯੋਗੇਂਦਰ ਯਾਦਵ ਵੱਲੋਂ ਇੱਕ ਪੱਤਰ ਰਾਹੀਂ ਭੇਜਿਆ ਗਿਆ ਅਸਤੀਫ਼ਾ ਪ੍ਰਵਾਨ ਕੀਤਾ ਗਿਆ। ਯੋਗੇਂਦਰ ਯਾਦਵ ਦੀ ਅੱਜ ਕੱਲ੍ਹ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਨੇੜਤਾ ਹੈ।