ਕਰਮਵੀਰ ਸਿੰਘ ਸੈਣੀ
ਮੂਨਕ, 11 ਅਪਰੈਲ
ਇਥੋਂ ਨੇੜਲੇ ਪਿੰਡ ਬੱਲਰਾਂ ਵਿੱਚ ਇੱਕ ਅਧਿਆਪਕ ’ਤੇ ਚੌਥੀ ਜਮਾਤ ਦੇ 17 ਬੱਚਿਆਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਦੋਸ਼ ਲਗਾਉਂਦਿਆਂ ਪਿੰਡ ਵਾਸੀਆਂ ਨੇ ਸਕੂਲ ਦੇ ਗੇਟ ਨੂੰ ਜਿੰਦਰਾ ਲਗਾ ਕੇ ਸਟਾਫ਼ ਨੂੰ ਅੰਦਰ ਬੰਦ ਕਰ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਪਿੰਡ ਵਾਸੀਆਂ ਨੇ ਇਸ ਅਧਿਆਪਕ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ।
ਵਿਦਿਆਰਥੀਆਂ ਦੇ ਮਾਪਿਆਂ ਨੇ ਦੱਸਿਆ ਕਿ ਅਧਿਆਪਕ ਨੇ ਚੌਥੀ ਕਲਾਸ ਦੇ 17 ਬੱਚਿਆਂ ਦੀ ਬੇਰਹਿਮੀ ਨਾਲ ਕੁੱਟ-ਮਾਰ ਕੀਤੀ, ਜਿਸ ਕਾਰਨ ਇੱਕ ਬੱਚੇ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ ਹੈ ਤੇ ਇਕ ਹੋਰ ਬੱਚੇ ਦੇ ਸਿਰ ਵਿੱਚ ਸੱਟਾਂ ਵੱਜੀਆਂ ਹਨ। ਮਾਪਿਆਂ ਨੇ ਮੰਗ ਕੀਤੀ ਹੈ ਕਿ ਮਾਸਟਰ ਨੂੰ ਬਰਖ਼ਾਸਤ ਕੀਤਾ ਜਾਵੇ, ਨਹੀਂ ਤਾਂ ਸਟਾਫ਼ ਨੂੰ ਬਾਹਰ ਨਹੀਂ ਆਉਣ ਦਿੱਤਾ ਜਾਵੇਗਾ। ਉਪਰੰਤ ਮੌਕੇ ’ਤੇ ਪਹੁੰਚੇ ਤਹਿਸੀਲਦਾਰ ਸਤਿੰਦਰਪਾਲ ਸਿੰਘ ਰਣੀਕੇ ਤੇ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਦਿਆਲ ਸਿੰਘ ਨੇ 20 ਅਪਰੈਲ ਤੱਕ ਕਾਰਵਾਈ ਕਰਨ ਦਾ ਭਰੋਸਾ ਦੇ ਕੇ ਧਰਨਾ ਖ਼ਤਮ ਕਰਵਾਇਆ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਕੁਲਤਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਪ੍ਰਾਇਮਰੀ ਦਾ ਵਾਧੂ ਚਾਰਜ ਹੈ ਅਤੇ ਅੱਜ ਹੀ ਇਸ ਸਬੰਧੀ ਸ਼ਿਕਾਇਤ ਉਨ੍ਹਾਂ ਕੋਲ ਆਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।