ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਅਕੀਦਾ
ਪਟਿਆਲਾ, 10 ਅਗਸਤ
ਮੁੱਖ ਮੰਤਰੀ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਆਧਾਰਿਤ ਮਜ਼ਦੂਰਾਂ ਦੇ ਸਾਂਝੇ ਮੋਰਚੇ ਵੱਲੋਂ ਪੁੱਡਾ ਗਰਾਊਂਡ ਵਿਚ ਮੋਰਚਾ ਦੂਜੇ ਦਿਨ ਵੀ ਜਾਰੀ ਰਿਹਾ। ਅੱਜ ਹਜ਼ਾਰਾਂ ਮਜ਼ਦੂਰਾਂ ਨੇ ਕਰਜ਼ੇ ਤੇ ਬਿਜਲੀ ਬਿੱਲਾਂ ਦੀ ਮੁਆਫ਼ੀ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ, ਖੇਤੀ ਕਾਨੂੰਨਾਂ ਤੇ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਦੀ ਵਾਪਸੀ ਦੀਆਂ ਮੰਗਾਂ ਨੂੰ ਲੈ ਕੇ ਰੋਸ ਜਤਾਇਆ। ਇਸ ਮੌਕੇ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਤੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਮਹੀਪਾਲ, ਅਵਤਾਰ ਸਿੰਘ ਰਸੂਲਪੁਰ, ਲਛਮਣ ਸਿੰਘ ਸੇਵੇਵਾਲਾ, ਮੱਖਣ ਸਿੰਘ ਰਾਮਗੜ੍ਹ, ਬਬਲੀ ਅਟਵਾਲ, ਸੰਦੀਪ ਪੰਡੋਰੀ ਅਤੇ ਸੰਤੋਖ ਸਿੰਘ ਨੇ ਕਿਹਾ ਕਿ ਦਲਿਤਾਂ ਨੂੰ ਤੀਜੇ ਹਿੱਸੇ ਦੀਆਂ ਪੰਚਾਇਤੀ ਜ਼ਮੀਨਾਂ ਦੇਣ ਆਦਿ ਮੰਗਾਂ ਮਨਾਉਣ ਲਈ ਸਰਕਾਰ ’ਤੇ ਦਬਾਅ ਬਣਾਇਆ ਗਿਆ। ਅੱਜ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਪ੍ਰਗਟ ਸਿੰਘ ਜਾਮਾਰਾਏ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਨੇ ਮਜ਼ਦੂਰ ਮੰਗਾਂ ਤੇ ਮੋਰਚੇ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ।
ਚੋਣਾਂ ’ਚ ਭਾਜਪਾ ਨੂੰ ਪਿੰਡਾਂ ’ਚ ਫਟਕਣ ਨਹੀਂ ਦੇਣਗੇ ਕਿਸਾਨ: ਉਗਰਾਹਾਂ
ਪਟਿਆਲਾ (ਖੇਤਰੀ ਪ੍ਰਤੀਨਿਧ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾਈ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੇਂਦਰ ਕਿਸਾਨਾਂ ਦਾ ਸਬਰ ਨਾ ਪਰਖੇ। ਉਨ੍ਹਾਂ ਕਿਹਾ ਕਿ ਖੇਤੀ ਵਿਰੋਧੀ ਕਾਨੂੰਨ ਥੋਪਣ ਸਮੇਤ ਹੋਰ ਲੋਕ ਮਾਰੂ ਨੀਤੀਆਂ ਦੇ ਇਵਜ਼ ਵਜੋਂ ਸਾਲ 2022 ਦੀਆਂ ਚੋਣਾਂ ਦੌਰਾਨ ਭਾਜਪਾ ਨੂੰ ਕਿਸਾਨ ਅਤੇ ਹੋਰ ਵਰਗ ਪਿੰਡਾਂ ਵਿੱਚ ਨਹੀਂ ਵੜਨ ਦੇਣਗੇ। ਉਨ੍ਹਾਂ ਕਿਹਾ ਕਿ ਭਾਜਪਾ ਖ਼ਿਲਾਫ਼ ਪ੍ਰਚਾਰ ਲਈ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਉੱਤਰਾਖੰਡ ਅਤੇ ਯੂ.ਪੀ ਵਿੱਚ ਵੀ ਜਾਣਗੇ। ਸਾਂਝੇ ਮਜ਼ਦੂਰ ਮੋਰਚੇ ਦੇ ਧਰਨੇ ’ਚ ਸ਼ਾਮਲ ਹੋਣ ਲਈ ਇੱਥੇ ਪੁੱਜੇ ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਨੂੰ ਆਪਣਾ ਰਵੱਈਆ ਬਦਲਣਾ ਹੀ ਪਵੇਗਾ।