ਡਾ. ਹਿਮਾਂਸ਼ੂ ਸੂਦ/ਅਜੈ ਮਲਹੋਤਰਾ
ਫ਼ਤਹਿਗੜ੍ਹ ਸਾਹਿਬ, 28 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਤਿਹਾਸਕ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ’ਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੀ ਪ੍ਰੈਸ ਕਾਨਫ਼ਰੰਸ ਤੋਂ ਬਾਅਦ ਵਾਪਸੀ ਸਮੇਂ ਕੁੱਝ ਨੌਜਵਾਨਾਂ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਅਕਾਲੀ ਵਰਕਰਾਂ ਅਤੇ ਨੌਜਵਾਨਾਂ ਦੀ ਹੱਥੋਪਾਈ ਹੋਈ ਜਿਸ ਦੌਰਾਨ ਦੋਵਾਂ ਧਿਰਾਂ ਵਿਚੋਂ ਕਈ ਜਣਿਆਂ ਦੀਆਂ ਦਸਤਾਰਾਂ ਲੱਥ ਗਈਆਂ ਅਤੇ ਕਈ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚ ਕਈ ਸੀਨੀਅਰ ਅਕਾਲੀ ਆਗੂ ਵੀ ਸ਼ਾਮਲ ਹਨ। ਇਸ ਦੌਰਾਨ ਐੱਸਪੀ ਹਰਪਾਲ ਸਿੰਘ ਪੁਲੀਸ ਫੋਰਸ ਨਾਲ ਪੁੱਜੇ ਪਰ ਪੁਲੀਸ ਵੱਲੋਂ ਕੇਸ ਦਰਜ ਕਰਨ ਦੀ ਸੂਚਨਾ ਨਹੀਂ ਮਿਲੀ।
ਜਾਣਕਾਰੀ ਅਨੁਸਾਰ ਜੋੜ ਮਹੱਲੇ ਮੌਕੇ ਲੁਧਿਆਣਾ ਜ਼ਿਲ੍ਹੇ ਦੇ ਇਕ ਪਿੰਡ ਦੇ ਨੌਜਵਾਨਾਂ ਨੇ ਲੰਗਰ ਲਾਇਆ ਹੋਇਆ ਸੀ ਜਿਨ੍ਹਾਂ ਸੁਖਬੀਰ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਜ਼ਾਹਰ ਕੀਤਾ। ਇਹ ਵੀ ਪਤਾ ਲੱਗਾ ਹੈ ਕਿ ਇਹ ਨੌਜਵਾਨ ਕਿਸੇ ਵੀ ਰਾਜਸੀ ਪਾਰਟੀ ਨਾਲ ਸਬੰਧਤ ਨਹੀਂ ਸਨ। ਇਸ ਤੋਂ ਪਹਿਲਾਂ ਸ੍ਰੀ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਕੁਰਬਾਨੀ ਦੀ ਦੁਨੀਆਂ ਦੇ ਕਿਸੇ ਵੀ ਧਰਮ ਵਿਚ ਮਿਸਾਲ ਨਹੀਂ ਮਿਲਦੀ। ਉਨ੍ਹਾਂ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਰ ਵਰਕਰ ਨੂੰ ਕਿਸਾਨ ਸੰਘਰਸ਼ ਵਿਚ ਸ਼ਾਮਲ ਹੋ ਕੇ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇਸ਼ ਦੀਆਂ ਸਮੁੱਚੀਆਂ ਖੇਤਰੀ ਪਾਰਟੀਆਂ ਨਾਲ ਗੱਲਬਾਤ ਕਰ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਖੇਤੀ ਬਿੱਲ ਰੱਦ ਕਰਨ ਲਈ ਦਬਾਅ ਪਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨ ਸੰਘਰਸ਼ ਦੌਰਾਨ ਮੌਤ ਦਾ ਸ਼ਿਕਾਰ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਦੀ ਮਦਦ ਕੀਤੀ ਜਾ ਰਹੀ ਹੈ। ਇਸ ਮੌਕੇ ਜਥੇਦਾਰ ਜਗਦੀਪ ਸਿੰਘ ਚੀਮਾ, ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰੰਨਾ, ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਆਦਿ ਹਾਜ਼ਰ ਸਨ।