ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 25 ਮਾਰਚ
ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੀ ਸੂਬਾ ਕਮੇਟੀ ਦੀ ਮੀਟਿੰਗ ’ਚ ਯੂਨੀਅਨ ਦੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਫਾਸ਼ੀਵਾਦੀ ਏਜੰਡੇ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਲਈ ਯੂਥ ਵਿੰਗ ਦੇ ਵਰਕਰ ਡਟ ਕੇ ਕੰਮ ਕਰਨਗੇ। ਦੀਪ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਟਿਕਰੀ ਬਾਰਡਰ ’ਤੇ ਅੱਜ ਹੋਈ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਘੋਲ ਵਿੱਚ ਵੀ ਯੂਥ ਵਿੰਗ ਅਹਿਮ ਭੂਮਿਕਾ ਨਿਭਾਏਗਾ, ਜਿਸ ਲਈ ਇਸ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਜ਼ਿਲ੍ਹਾ ਅਤੇ ਪਿੰਡ ਪੱਧਰ ’ਤੇ ਇਕਾਈਆਂ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੋਰਚੇ ਦੀ ਮਜ਼ਬੂਤੀ ਲਈ ਨੌਜਵਾਨਾਂ ਦੀ ਲਾਮਬੰਦੀ ਕੀਤੀ ਜਾਵੇਗੀ। ਰਾਜਿੰਦਰ ਸਿੰਘ ਨੇ ਕਿਹਾ ਕਿ ਮੋਦੀ ਹਕੂਮਤ ਆਪਣੇ ਹਿੰਦੂ ਰਾਸ਼ਟਰ ਦੇ ਏਜੰਡੇ ਤਹਿਤ ਸੂਬਿਆਂ ਤੋਂ ਸਾਰੇ ਅਧਿਕਾਰ ਖੋਹ ਕੇ ਆਪਣੇ ਕੋਲ ਤਾਕਤ ਇਕੱਠੀ ਕਰ ਰਹੀ ਹੈ। ਦਿੱਲੀ ਦੇ ਰਾਜਪਾਲ ਨੂੰ ਵੱਧ ਸ਼ਕਤੀਆਂ ਦੇਣ ਵਾਲਾ ਬਿੱਲ ਸੰਸਦ ਰਾਹੀਂ ਪਾਸ ਕਰਕੇ ਉਸ ਨੇ ਆਪਣੇ ਮਨਸੂਬੇ ਸਪੱਸ਼ਟ ਕਰ ਦਿੱਤੇ ਹਨ ਅਤੇ ਆਉਣ ਵਾਲੇ ਸਮੇਂ ’ਚ ਘੱਟਗਿਣਤੀਆਂ ’ਤੇ ਹਮਲੇ ਵਧਣਗੇ। ਮੋਦੀ ਸਰਕਾਰ ਦੇ ਇਸ ਫਾਸ਼ੀਵਾਦੀ ਏਜੰਡੇ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਲਈ ਯੂਥ ਵਿੰਗ ਦੇ ਵਰਕਰ ਡਟ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਮਾਰਚ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਵੀ ਯੂਥ ਵਿੰਗ ਪੂਰੀ ਤਨਦੇਹੀ ਨਾਲ ਕੰਮ ਕਰੇਗਾ। ਮੀਟਿੰਗ ਵਿੱਚ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਸੂਬਾ ਆਗੂ ਤਰਪ੍ਰੀਤ ਸਿੰਘ ਉੱਪਲ, ਬੂਟਾ ਸਿੰਘ ਸ਼ਾਦੀਪੁਰ, ਕੁਲਵੀਰ ਸਿੰਘ ਟੋਡਰਪੁਰ, ਜਸਦੀਪ ਸਿੰਘ ਬਹਾਦਰਪੁਰ, ਬਲਕਰਨ ਸਿੰਘ ਵੈਰੋਕੇ, ਹਰਪ੍ਰੀਤ ਸਿੰਘ ਝਬੇਲਵਾਲੀ, ਗੁਰਜੀਤ ਸਿੰਘ ਡੋਡ ਤੇ ਸੁਖਦੇਵ ਸਿੰਘ ਸਹਿੰਸਰਾ ਹਾਜ਼ਰ ਸਨ।