ਪਾਲ ਸਿੰਘ ਨੌਲੀ
ਜਲੰਧਰ, 7 ਫਰਵਰੀ
ਜਲੰਧਰ ਛਾਉਣੀ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਪਰਗਟ ਸਿੰਘ ਨੇ ਅੱਜ ਵੱਖ ਵੱਖ ਥਾਈਂ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਚਰਨਜੀਤ ਸਿੰਘ ਚੰਨੀ ਦਾ ਨਾਂ ਐਲਾਨੇ ਜਾਣ ਨਾਲ ਪਾਰਟੀ ਵਿੱਚ ਜੋਸ਼ ਭਰ ਗਿਆ ਹੈ। ਇਸ ਵਾਰ ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਆਉਂਦੀਆਂ ਲੋਕ ਸਭਾ ਦੀਆਂ ਚੋਣਾਂ ਦਾ ਮੁੱਢ ਬੰਨ੍ਹਣਗੀਆਂ।
ਪਰਗਟ ਸਿੰਘ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮੋਢਿਆਂ ’ਤੇ ਇਨ੍ਹਾਂ ਚੋਣਾਂ ਦੀ ਵੱਡੀ ਜ਼ਿੰਮੇਵਾਰੀ ਰਹੇਗੀ ਕਿਉਂਕਿ ਵੋਟਾਂ ਪੁਆਉਣ ਵਿੱਚ ਨੌਜਵਾਨ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਹਮੇਸ਼ਾ ਹੀ ਸਮਾਜ ਵਿੱਚ ਨਫ਼ਰਤ ਪੈਦਾ ਕਰਕੇ ਤੇ ਲੋਕਾਂ ਵਿੱਚ ਵੰਡੀਆਂ ਪਾ ਕੇ ਰਾਜਨੀਤੀ ਕਰਦੀ ਆ ਰਹੀ ਹੈ, ਜਦਕਿ ਪੰਜਾਬ ਵਿੱਚ ਕਦੇ ਵੀ ਲੋਕਾਂ ਨੇ ਫਿਰਕੂ ਸਿਆਸਤ ਨੂੰ ਭਾਰੂ ਨਹੀਂ ਹੋਣ ਦਿੱਤਾ। ਪਰਗਟ ਸਿੰਘ ਨੇ ਕਿਹਾ ਕਿ ਸਾਲ ਤੋਂ ਵੱਧ ਸਮਾਂ ਦਿੱਲੀ ਦੀਆਂ ਹੱਦਾਂ ’ਤੇ ਚੱਲੇ ਕਿਸਾਨ ਅੰਦੋਲਨ ਦੌਰਾਨ ਜਿਹੜੇ 700 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਹੋਈ ਹੈ ਉਸ ਲਈ ਭਾਜਪਾ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ। ਇਸ ਲਈ ਪੰਜਾਬ ਦੇ ਲੋਕ ਭਾਜਪਾ ਨੂੰ ਕਦੇ ਵੀ ਵੋਟ ਨਹੀਂ ਪਾਉਣਗੇ।
ਸਾਬਕਾ ਓਲੰਪੀਅਨ ਨੇ ਕਿਹਾ ਕਿ ਉਨ੍ਹਾਂ ਖਿਡਾਰੀ ਜੀਵਨ ਤੋਂ ਟੀਮ ਵਿੱਚ ਰਹਿ ਕੇ ਕੰਮ ਕਰਨਾ ਸਿੱਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚਰਨਜੀਤ ਸਿੰਘ ਚੰਨੀ ਨੂੰ ਅਗਲੇ ਪੰਜ ਸਾਲ ਕੰਮ ਕਰਨ ਦਾ ਇੱਕ ਹੋਰ ਮੌਕਾ ਜ਼ਰੂਰ ਦੇਣਗੇ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਤਾਂ ਕਾਂਗਰਸ ਦੇ ਸਨ, ਪਰ ਉਹ ਕੰਮ ਭਾਜਪਾ ਲਈ ਕਰ ਰਹੇ ਸਨ। ਇਸੇ ਲਈ ਸੂਬੇ ਦੇ ਲੋਕ ਹੁਣ ਉਨ੍ਹਾਂ ’ਤੇ ਭਰੋਸਾ ਨਹੀਂ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਦੋਆਬੇ ਵਿੱਚੋਂ ਆਮ ਆਦਮੀ ਪਾਰਟੀ ਨੂੰ ਇੱਕ ਵੀ ਸੀਟ ਨਹੀਂ ਮਿਲੇਗੀ।