ਨਸ਼ਾ ਤਸਕਰਾਂ ਦਾ ਬਚਾਅ ਕਰਨ ਵਾਲੇ ਬੇਨਕਾਬ: ਚੀਮਾ
ਆਤਿਸ਼ ਗੁਪਤਾ
ਚੰਡੀਗੜ੍ਹ, 30 ਜੂਨ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ’ਤੇ ਨਸ਼ਿਆਂ ਦੇ ਮਾਮਲੇ ਵਿੱਚ ਮੌਕਾਪ੍ਰਸਤੀ ਦੀ ਸਿਆਸਤ ਕਰਨ ਦੇ ਦੋਸ਼ ਲਾਏ ਹਨ। ਸ੍ਰੀ ਚੀਮਾ ਨੇ ਕਿਹਾ ਕਿ ਹੁਣ ਜਦੋਂ ‘ਆਪ’ ਸਰਕਾਰ ਵੱਡੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਹੈ ਤਾਂ ਉਹ ਨਸ਼ਾ ਤਸਕਰਾਂ ਦਾ ਬਚਾਅ ਕਰਨ ਵਿੱਚ ਜੁੱਟ ਗਏ ਹਨ।
ਵਿੱਤ ਮੰਤਰੀ ਨੇ ਚੰਡੀਗੜ੍ਹ ਵਿੱਚ ਪਾਰਟੀ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਆਪ’ ਨੇ ਸੂਬੇ ਵਿੱਚ ਨਸ਼ਾ ਤਸਕਰਾਂ ਦਾ ਬਚਾਅ ਕਰਨ ਵਾਲੇ ਆਗੂਆਂ ਨੂੰ ਬੇਨਕਾਬ ਕਰ ਦਿੱਤਾ ਹੈ ਅਤੇ ਭਵਿੱਖ ਵਿੱਚ ਅਜਿਹੀ ਕਾਰਵਾਈ ਜਾਰੀ ਰਹੇਗੀ। ਸ੍ਰੀ ਚੀਮਾ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਦੀ ਸ਼ਹਿ ’ਤੇ ਹੀ ਸੂਬੇ ਵਿੱਚ ਖੁੱਲ੍ਹੇਆਮ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਚੱਲਿਆ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ ਹੁਣ ਉਹੀ ਮਜੀਠੀਆ ਦਾ ਬਚਾਅ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਮਜੀਠੀਆ ਦਾ ਬਚਾਅ ਕਰ ਰਹੇ ਹਨ।
ਚੀਮਾ ਨੇ ਕਿਹਾ ਕਿ ਕਾਂਗਰਸੀ ਆਗੂ ਸੁਖਪਾਲ ਖਹਿਰਾ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਨੇ ਵੀ ਮਜੀਠੀਆ ’ਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ ਪਰ ਹੁਣ ਉਸ ਦਾ ਬਚਾਅ ਕਰ ਰਹੇ ਹਨ। ਵਿੱਤ ਮੰਤਰੀ ਨੇ ਭਾਜਪਾ ਆਗੂ ਰਵਨੀਤ ਬਿੱਟੂ ’ਤੇ ਦੋਸ਼ ਲਾਇਆ ਕਿ ਪਹਿਲਾਂ ਬਿੱਟੂ ਨੇ ਮਜੀਠੀਆ ਨੂੰ ਨਸ਼ਿਆਂ ਦੇ ਕਾਰੋਬਾਰ ਨਾਲ ਜੋੜਿਆ ਸੀ ਅਤੇ ਹੁਣ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਜਾਰੀ ਰਹੇਗੀ।