ਹਜ਼ਾਰ ਡਾਕਟਰ ਹੋਰ ਭਰਤੀ ਕੀਤੇ ਜਾਣਗੇ: ਬਲਬੀਰ ਸਿੰਘ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਨੇ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕਰਕੇ ਐਮਰਜੈਂਸੀ ਸੇਵਾਵਾਂ ਤੋਂ ਇਲਾਵਾ ਆਕਸੀਜਨ ਪਲਾਂਟ ਦਾ ਨਿਰੀਖਣ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਪਹਿਲਾਂ ਹਜ਼ਾਰ ਦੇ ਕਰੀਬ ਡਾਕਟਰ ਭਰਤੀ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹਜ਼ਾਰ ਡਾਕਟਰ ਹੋਰ ਭਰਤੀ ਕੀਤੇ ਜਾਣਗੇ, ਜਿਸ ਨਾਲ ਡਾਕਟਰਾਂ ਦੀ ਘਾਟ ਨੂੰ ਬਹੁਤ ਹੱਦ ਤੱਕ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਹਰੇਕ ਹਸਪਤਾਲ ਵਿੱਚ 350 ਤੋਂ ਵੱਧ ਤਰ੍ਹਾਂ ਦੀਆਂ ਦਵਾਈਆਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ, ਪਹਿਲਾਂ ਇਨ੍ਹਾਂ ਦੀ ਗਿਣਤੀ 170 ਸੀ। ਉਨ੍ਹਾਂ ਕਿਹਾ ਕਿ ਹਰੇਕ ਹਸਪਤਾਲ ਵਿੱਚ ਦਵਾਈਆਂ ਦੀ ਉਪਲੱਧਤਾ ਅਤੇ ਹਰੇਕ ਮਰੀਜ਼ ਤੱਕ ਇਨ੍ਹਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਉਹ ਸੂਬੇ ਦੇ ਸਰਕਾਰੀ ਹਸਪਤਾਲਾਂ ਦੇ ਦੌਰੇ ਕਰ ਰਹੇ ਹਨ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਨਗਰ ਨਿਗਮ ਮੇਅਰ ਬਲਜੀਤ ਸਿੰਘ ਚਾਨੀ, ਐੱਸਡੀਐੱਮ ਸਾਰੰਗਪ੍ਰੀਤ ਸਿੰਘ ਔਜਲਾ ਤੇ ਸਿਹਤ ਵਿਭਾਗ ਅਧਿਕਾਰੀ ਹਾਜ਼ਰ ਸਨ।
‘ਮੋਗਾ ਸਿਵਲ ਹਸਪਤਾਲ ’ਚ ਵਿੱਤੀ ਬੇਨਿਯਮੀਆਂ ਦੀ ਜਾਂਚ ਮੁਕੰਮਲ’
ਸਿਹਤ ਮੰਤਰੀ ਨੇ ਸਥਾਨਕ ਸਿਵਲ ਹਸਪਤਾਲ ’ਚ ਲੱਖਾਂ ਰੁਪਏ ਦੀਆਂ ਹੋਈਆਂ ਕਥਿਤ ਵਿੱਤੀ ਬੇਨਿਯਮੀਆਂ ਬਾਰੇ ਦੱਸਿਆ ਕਿ ਮਾਮਲੇ ਦੀ ਜਾਂਚ ਪੂਰੀ ਹੋ ਚੁੱਕੀ ਹੈ ਅਤੇ ਜਲਦੀ ਹੀ ਜ਼ਿੰਮੇਵਾਰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਸਿਵਲ ਸਰਜਨ ਫਰੀਦਕੋਟ ਦੀ ਅਗਵਾਈ ਹੇਠ ਕਾਇਮ ਕੀਤੀ ਛੇ ਮੈਂਬਰੀ ਟੀਮ ਨੇ ਬੀਤੇ ਮਹੀਨੇ ਜਾਂਚ ਸ਼ੁਰੂ ਕੀਤੀ ਸੀ।