ਸੰਜੀਵ ਬੱਬੀ
ਚਮਕੌਰ ਸਾਹਿਬ, 15 ਅਕਤੂਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਦੇ ਸਮੂਹ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ’ਤੇ ਹਜ਼ਾਰਾਂ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਤਾਂ ਜੋ ਕਿ ਕੋਈ ਵੀ ਸ਼ਹਿਰ ਤੇ ਪਿੰਡ ਵਿਕਾਸ ਕਾਰਜਾਂ ਪੱਖੋਂ ਪਿੱਛੇ ਨਾ ਰਹਿ ਜਾਵੇ। ਉਹ ਅੱਜ ਇੱਥੇ ਦਸਹਿਰੇ ਦੇ ਜੋੜ ਮੇਲ ਦੌਰਾਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਸ੍ਰੀ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਸਮੇਂ ਦੀਆਂ ਸਰਕਾਰਾਂ ਵੱਲੋਂ ਇਤਿਹਾਸਕ ਨਗਰੀ ਚਮਕੌਰ ਸਾਹਿਬ ਦੇ ਵਿਕਾਸ ਕਾਰਜਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਪਰ ਕਾਂਗਰਸ ਸਰਕਾਰ ਦੇ ਹੋਂਦ ਵਿੱਚ ਆਉਣ ’ਤੇ ਇਸ ਪਵਿੱਤਰ ਨਗਰੀ ਦੇ ਸੁੰਦਰੀਕਰਨ ਲਈ ਕਈ ਪ੍ਰਾਜੈਕਟ ਸ਼ਹਿਰ ਵਿੱਚ ਸ਼ੁਰੂ ਕੀਤੇ ਗਏ ਜੋ ਕਿ ਮੁਕੰਮਲ ਹੋ ਚੁੱਕੇ ਹਨ ਅਤੇ ਇਨ੍ਹਾਂ ਪ੍ਰਾਜੈਕਟਾਂ ਦੇ ਉਦਘਾਟਨ ਜਲਦੀ ਹੀ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਿਹੜੇ ਵਾਅਦੇ ਕੀਤੇ ਗਏ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਵੱਲੋਂ ਹਮੇਸ਼ਾਂ ਕਿਸਾਨਾਂ ਦਾ ਸਾਥ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੇਲਾ ਮਾਰਗ ’ਤੇ ਬਣਾਏ ਜਾ ਰਹੀ ਸਕਿੱਲ ਇੰਸਟੀਚਿਊਟ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ।