ਸ਼ਗਨ ਕਟਾਰੀਆ
ਇਥੋਂ ਦੇ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲੀ ਹੈ। ਧਮਕੀ ਦੀ ਸੂਚਨਾ ਮਿਲਦੇ ਹੀ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਕੋਰਟ ਕੰਪਲੈਕਸ ਦੀ ਸੁਰੱਖਿਆ ਵਧਾ ਦਿੱਤੀ ਅਤੇ ਪੂਰੇ ਇਲਾਕੇ ਦੀ ਜਾਂਚ ਕੀਤੀ।
ਈ-ਮੇਲ ਮਿਲਣ ਤੋਂ ਬਾਅਦ ਪੁਲੀਸ, ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਸੁਰੱਖਿਆ ਕਰਮਚਾਰੀਆਂ ਵੱਲੋਂ ਕੋਰਟ ਕੰਪਲੈਕਸ ਦੇ ਹਰ ਹਿੱਸੇ ਦੀ ਤਲਾਸ਼ੀ ਲਈ ਗਈ। ਜਾਂਚ ਦੌਰਾਨ ਸ਼ੱਕੀ ਵਸਤੂਆਂ ਦੀ ਭਾਲ ਕੀਤੀ ਗਈ ਪਰ ਖ਼ਬਰ ਲਿਖੇ ਜਾਣ ਤੱਕ ਕਿਸੇ ਵੀ ਤਰ੍ਹਾਂ ਦੀ ਧਮਾਕਾਖੇਜ਼ ਸਮੱਗਰੀ ਮਿਲਣ ਦੀ ਪੁਸ਼ਟੀ ਨਹੀਂ ਹੋਈ।
ਅਧਿਕਾਰੀਆਂ ਨੇ ਦੱਸਿਆ ਕਿ ਧਮਕੀ ਭਰੀ ਈ-ਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਸਾਈਬਰ ਮਾਹਿਰਾਂ ਦੀ ਮਦਦ ਲਈ ਜਾ ਰਹੀ ਹੈ। ਪੁਲੀਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
ਇਸ ਕਾਰਨ ਵਕੀਲਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਵਿੱਚ ਕੁਝ ਸਮੇਂ ਲਈ ਚਿੰਤਾ ਪੈਦਾ ਹੋ ਗਈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲੀਸ ਨੂੰ ਦੇਣ ਦੀ ਅਪੀਲ ਕੀਤੀ ਹੈ।
ਕੁੱਝ ਦਿਨ ਪਹਿਲਾਂ ਸ਼ਹਿਰ ਦੇ ਰੇਲਵੇ ਸਟੇਸ਼ਨ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਵੀ ਈਮੇਲ ਧਮਕੀ ਆਈ ਸੀ।

