ਇੱਥੋਂ ਦੇ ਡੀਸੀ ਕੰਪਲੈਕਸ ਨੂੰ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲੀਸ ਵਿਭਾਗ ਵਿੱਚ ਹੜਕੰਪ ਮੱਚ ਗਿਆ। ਜਾਣਕਾਰੀ ਮਿਲਦੇ ਹੀ ਪੁਲੀਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਡੀਸੀ ਕੰਪਲੈਕਸ ਨੂੰ ਖ਼ਾਲੀ ਕਰਵਾ ਦਿੱਤਾ ਗਿਆ ਅਤੇ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਪੁਲੀਸ ਟੀਮਾਂ ਵੱਲੋਂ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਦੀ ਜਾਂਚ ਕੀਤੀ ਗਈ।
ਪੁਲੀਸ ਵੱਲੋਂ ਸਰਚ ਅਪਰੇਸ਼ਨ ਅਤੇ ਸੁਰੱਖਿਆ ਦਾ ਭਰੋਸਾ
ਇਸ ਸਬੰਧੀ ਡੀਐੱਸਪੀ ਸ਼ਹਿਬਾਜ਼ ਸਿੰਘ ਨੇ ਦੱਸਿਆ ਕਿ ਡੀਸੀ ਕੰਪਲੈਕਸ ਨੂੰ ਇੱਕ ਧਮਕੀ ਭਰੀ ਈਮੇਲ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਕੰਪਲੈਕਸ ਨੂੰ ਖ਼ਾਲੀ ਕਰਵਾਇਆ ਗਿਆ ਅਤੇ ਸਰਚ ਅਪਰੇਸ਼ਨ ਚਲਾਇਆ ਗਿਆ।
ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਹੋਰ ਇਤਰਾਜ਼ਯੋਗ ਚੀਜ਼ ਨਹੀਂ ਮਿਲੀ ਅਤੇ ਫ਼ਿਲਹਾਲ ਸਾਰਾ ਕੰਪਲੈਕਸ ਸੁਰੱਖਿਅਤ ਹੈ। ਡੀਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਨੂੰ ਵੀ ਘਬਰਾਉਣ ਜਾਂ ਡਰਨ ਦੀ ਲੋੜ ਨਹੀਂ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਪੁਲੀਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

