ਅੰਮ੍ਰਿਤਸਰ: ਪੰਜਾਬੀ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਕਥਿਤ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸਬੰਧੀ ਸੰਤੋਖ ਸਿੰਘ ਨੇ ਅੱਜ ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸਐੱਸਪੀ ਸਵਪਨ ਸ਼ਰਮਾ ਕੋਲ ਸ਼ਿਕਾਇਤ ਦੇ ਕੇ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਸ਼ਿਕਾਇਤ ਵਿੱਚ ਦੱਸਿਆ ਕਿ ਫੋਨ ਰਾਹੀਂ ਧਮਕੀ ਦੇਣ ਵਾਲੇ ਨੇ ਆਪਣਾ ਨਾਮ ਹੈਪੀ ਦੱਸਿਆ ਤੇ ਦੀਵਾਲੀ ਤੋਂ ਪਹਿਲਾਂ ਹੱਤਿਆ ਕਰਨ ਦੀ ਧਮਕੀ ਦਿੱਤੀ। ਉਨ੍ਹਾਂ ਆਖਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਧਮਕੀ ਭਰੇ ਫੋਨ ਆ ਚੁੱਕੇ ਹਨ। ਉਨ੍ਹਾਂ ਆਖਿਆ ਕਿ ਜੇਕਰ ਪੁਲੀਸ ਸੁਰੱਖਿਅਤ ਮਾਹੌਲ ਮੁਹੱਈਆ ਨਹੀਂ ਕਰਵਾ ਸਕਦੀ ਤਾਂ ਮਜਬੂਰਨ ਉਨ੍ਹਾਂ ਨੂੰ ਪੰਜਾਬ ਛੱਡ ਕੇ ਜਾਣਾ ਪਵੇਗਾ। ਜ਼ਿਕਰਯੋਗ ਹੈ ਕਿ ਉਨ੍ਹਾਂ ’ਤੇ ਪਹਿਲਾਂ ਵੀ ਹਮਲਾ ਹੋ ਚੁੱਕਿਆ ਹੈ। -ਟਨਸ