ਵਿਧਾਇਕ ਕਾਲਾ ਢਿੱਲੋਂ ਨੂੰ ਧਮਕੀ
ਰਵਿੰਦਰ ਰਵੀ
ਬਰਨਾਲਾ, 14 ਜੁਲਾਈ
ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਪਿਛਲੇ ਕੁਝ ਦਿਨਾਂ ਤੋਂ ਸਮਾਜ ਵਿਰੋਧੀ ਅਨਸਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਸ੍ਰੀ ਢਿੱਲੋਂ ਨੇ ਦੱਸਿਆ ਕਿ ਹੁਣ ਤੱਕ ਦੋ ਵੱਖ-ਵੱਖ ਵਿਦੇਸ਼ੀ ਨੰਬਰਾਂ ਤੋਂ ਉਨ੍ਹਾਂ ਨੂੰ ਤਿੰਨ ਤੋਂ ਚਾਰ ਵਾਰ ਧਮਕੀਆਂ ਮਿਲ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਫੋਨ ਕਰਨ ਵਾਲੇ ਵਿਅਕਤੀ ਨੇ ਧਮਕੀ ਦਿੱਤੀ,‘ਜੇਕਰ ਉਸ ਨੇ ਲੈਂਡ ਪੂਲਿੰਗ ਨੀਤੀ ਦੇ ਮਾਮਲੇ ’ਚ ਸਰਕਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਨਾ ਕੀਤੀ ਤੇ ਵਿਧਾਨ ਸਭਾ ਸੈਸ਼ਨ ਦੌਰਾਨ ਇਹ ਮੁੱਦਾ ਨਾ ਚੁੱਕਿਆ ਤਾਂ ਨਤੀਜੇ ਭੁਗਤਣ ਲਈ ਤਿਆਰ ਰਹਿਣਾ, ਸਾਡੀ ਸਾਰਿਆਂ ਉੱਪਰ ਨਜ਼ਰ ਹੈ।’ ਜ਼ਿਕਰਯੋਗ ਹੈ ਕਿ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਫ਼ਦ ਨਾਲ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਸੀ ਜਿਸ ਵਿੱਚ ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕੀਤਾ ਗਿਆ ਸੀ। ਵਿਧਾਇਕ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਐੱਸਐੱਸਪੀ ਨੂੰ ਸੂਚਿਤ ਕਰ ਦਿੱਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਨੇ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ।