ਦੋੋ ਕਿੱਲੋ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਣੇ ਤਿੰਨ ਗ੍ਰਿਫ਼ਤਾਰ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਹਥਿਆਰ ਅਤੇ ਹਵਾਲਾ ਨੈੱਟਵਰਕ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕੋਟ ਮਹਿਤਾਬ ਵਾਸੀ ਹਰਪ੍ਰੀਤ ਸਿੰਘ (23), ਤਰਨ ਤਾਰਨ ਦੇ ਪਿੰਡ ਸੁਰਸਿੰਘ ਵਾਸੀ ਗੁਰਪਾਲ ਸਿੰਘ (21) ਅਤੇ ਤਰਨ ਤਾਰਨ ਵਾਸੀ ਰਣਜੋਧ ਸਿੰਘ (33) ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ 2.02 ਕਿਲੋ ਹੈਰੋਇਨ, ਚਾਰ ਪਿਸਤੌਲ, ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ 3.5 ਲੱਖ ਰੁਪਏ ਹਵਾਲਾ ਮਨੀ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।
ਡੀਜੀਪੀ ਨੇ ਕਿਹਾ ਕਿ ਇਹ ਗਰੋਹ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕਰਦਾ ਸੀ ਅਤੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸਰਗਰਮ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਹਰਪ੍ਰੀਤ ਸਿੰਘ ਅਤੇ ਗੁਰਪਾਲ ਸਿੰਘ, ਜੋ ਪਹਿਲਾਂ ਮਲੇਸ਼ੀਆ ਗਏ ਸਨ, ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿਚ ਸਨ। ਇਸ ਸਬੰਧੀ ਥਾਣਾ ਗੇਟ ਹਕੀਮਾਂ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਕਮਿਸ਼ਨਰ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਹਰਪ੍ਰੀਤ ਅਤੇ ਗੁਰਪਾਲ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਗੁਰਪਾਲ ਸਿੰਘ ਦੇ ਹੋਰ ਖੁਲਾਸੇ ‘ਤੇ, ਜਾਂਚ ਦੌਰਾਨ ਇੱਕ ਹੋਰ ਮੁਲਜ਼ਮ ਰਣਜੋਧ ਨੂੰ ਨਾਮਜ਼ਦ ਕੀਤਾ ਗਿਆ, ਜਿਸ ਨੂੰ ਦੋ ਪਿਸਤੌਲਾਂ ਅਤੇ 3.5 ਲੱਖ ਰੁਪਏ ਦੇ ਡਰੱਗ ਮਨੀ ਸਣੇ ਗ੍ਰਿਫ਼ਤਾਰ ਕੀਤਾ ਗਿਆ।