ਬੱਬਰ ਖ਼ਾਲਸਾ ਦੇ ਤਿੰਨ ਅਤਿਵਾਦੀ ਅਸਲੇ ਸਣੇ ਕਾਬੂ
ਕਰਮਜੀਤ ਸਿੰਘ ਚਿੱਲਾ
ਐੱਸਏਐੱਸ ਨਗਰ (ਮੁਹਾਲੀ), 27 ਜੂਨ
ਪੰਜਾਬ ਪੁਲੀਸ ਨੇ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ’ਤੇ ਯੂਕੇ ਅਧਾਰਤ ਨਿਸ਼ਾਨ ਸਿੰਘ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐੱਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅਤਿਵਾਦੀ ਮਾਡਿਊਲ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸਹਿਜਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਦੋਵੇਂ ਵਾਸੀ ਰਾਮਦਾਸ, ਅੰਮ੍ਰਿਤਸਰ ਅਤੇ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸਐੱਸਓਸੀ) ਮੁਹਾਲੀ ਵੱਲੋਂ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਦੋ ਹੈਂਡ ਗ੍ਰਨੇਡ ਅਤੇ ਇੱਕ ਆਧੁਨਿਕ 9 ਐੱਮਐੱਮ ਗਲੌਕ ਪਿਸਤੌਲ ਸਣੇ ਤਿੰਨ ਕਾਰਤੂਸ ਬਰਾਮਦ ਹੋਏ ਹਨ। ਇਹ ਗਰੋਹ ਅੰਮ੍ਰਿਤਸਰ ਦੇ ਇਲਾਕੇ ਵਿੱਚ ਪੁਲੀਸ ਥਾਣਿਆਂ ’ਤੇ ਹਮਲੇ ਅਤੇ ਮਿੱਥ ਕੇ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ। ਏਆਈਜੀ ਐੱਸਐੱਸਓਸੀ ਮੁਹਾਲੀ ਰਵਜੋਤ ਗਰੇਵਾਲ ਨੇ ਦੱਸਿਆ ਕਿ ਮੁਲਜ਼ਮ ਸਹਿਜਪਾਲ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਉਹ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਪਿੰਡ ਪੈਰੇਵਾਲ ਵਾਸੀ ਲਵਪ੍ਰੀਤ ਸਿੰਘ ਉਰਫ਼ ਲਵ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸਹਿਜਪਾਲ ਵੱਲੋਂ ਕੀਤੇ ਖੁਲਾਸੇ ਮਗਰੋਂ ਪੁਲੀਸ ਟੀਮਾਂ ਨੇ ਲਵਪ੍ਰੀਤ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਐੱਸਐੱਸਓਸੀ, ਮੁਹਾਲੀ ਵਿੱਚ ਲਿਆਂਦਾ ਹੈ। ਉਨ੍ਹਾਂ ਦੱਸਿਆ ਕਿ ਲਵਪ੍ਰੀਤ ਨੇ ਸਹਿਜਪਾਲ ਸਿੰਘ ਨੂੰ ਹਥਿਆਰ ਅਤੇ ਵਿਸਫੋਟਕ ਪਦਾਰਥ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਸਨ ਅਤੇ ਸਹਿਜਪ੍ਰੀਤ ਨੇ ਇਨ੍ਹਾਂ ਨੂੰ ਪ੍ਰਾਪਤ ਕਰਨ ਅਤੇ ਲੈ ਜਾਣ ਲਈ ਆਪਣੇ ਸਾਥੀ ਵਿਕਰਮਜੀਤ ਸਿੰਘ ਨੂੰ ਨਾਲ ਸ਼ਾਮਲ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਹਾਲੀ ਦੇ ਥਾਣਾ ਐੱਸਐੱਸਓਸੀ ਵਿੱਚ ਕੇਸ ਦਰਜ ਕੀਤਾ ਗਿਆ ਹੈ।