ਪਾਲ ਸਿੰਘ ਨੌਲੀ
ਜਲੰਧਰ, 1 ਅਗਸਤ
ਕਰੋਨਾ ਪਾਜ਼ੇਟਿਵ ਆਏ ਜਲੰਧਰ ਦੇ ਫੋਟੋ ਜਰਨਲਿਸਟ ਦੀ ਅੱਜ ਸਵੇਰੇ ਮੌਤ ਹੋ ਗਈ। ਉਨ੍ਹਾਂ ਨੂੰ ਗੁਰਦਿਆਂ ਦੀ ਸਮੱਸਿਆ ਹੋਣ ਕਰਕੇ ਤਿੰਨ ਦਿਨ ਪਹਿਲਾਂ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਸਿਹਤ ਜ਼ਿਆਦਾ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਉਪਰ ਰੱਖਿਆ ਗਿਆ ਸੀ। ਇਸ ਦੇ ਨਾਲ ਦੋ ਹੋਰ ਕਰੋਨਾ ਵਾਇਰਸ ਤੋ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ। ਜ਼ਿਲ੍ਹੇ ਵਿੱਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 59 ਹੋ ਗਈ ਹੈ। 17 ਹੋਰ ਨਵੇਂ ਕੇਸ ਪਾਜ਼ੇਟਿਵ ਆਏ ਹਨ।
ਐੱਸਏਐੱਸ ਨਗਰ (ਮੁਹਾਲੀ)(ਦਰਸ਼ਨ ਸਿੰਘ ਸੋਢੀ): ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਸ਼ਨਿਚਰਵਾਰ ਨੂੰ 30 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 880 ’ਤੇ ਪਹੁੰਚ ਗਈ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਹੁਣ ਤੱਕ 30 ਨਵੇਂ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਸ਼ਾਮ ਤੱਕ ਹੋਰ ਵੀ ਰਿਪੋਰਟਾਂ ਆਉਣ ਦੀ ਸੰਭਾਵਨਾ ਹੈ। ਹੁਣ ਤੱਕ 14 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 351 ਨਵੇਂ ਕੇਸ ਐਕਟਿਵ ਹਨ। 19 ਦਿਨਾਂ ਵਿੱਚ 475 ਨਵੇਂ ਕੇਸ ਸਾਹਮਣੇ ਆ ਚੁੱਕੇ ਹਨ। ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ।