ਤਿੰਨ ਹੋਰ ਪੰਚਾਇਤਾਂ ਨੇ ਪਰਵਾਸੀਆਂ ਖ਼ਿਲਾਫ਼ ਮਤੇ ਪਕਾਏ
ਪਿੰਡ ਅੱਜੋਵਾਲ ਦੀ ਸਰਪੰਚ ਆਰਤੀ ਸ਼ਰਮਾ ਤੇ ਉਸ ਦੇ ਪਤੀ ਸੰਦੀਪ ਬੱਬੂ ਨੇ ਕਿਹਾ ਕਿ ਪਰਵਾਸੀ ਮਜ਼ਦੂਰ ਵੱਲੋਂ ਕੀਤੀ ਬੱਚੇ ਦੀ ਹੱਤਿਆ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੰਚਾਇਤ ਨੇ ਫੈਸਲਾ ਕੀਤਾ ਹੈ ਕਿ ਪਿੰਡ ਵਿੱਚ ਕਿਸੇ ਵੀ ਪਰਵਾਸੀ ਮਜ਼ਦੂਰ ਨੂੰ ਰਿਹਾਇਸ਼ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਕੋਈ ਪਰਵਾਸੀ ਪਿੰਡ ਵਿੱਚ ਰਹਿਣਾ ਚਾਹੁੰਦਾ ਹੈ ਤਾਂ ਉਸ ਨੂੰ ਆਪਣੇ ਪਿਛੋਕੜ ਦੇ ਪੱਕੇ ਰਿਹਾਇਸ਼ੀ ਸਬੂਤ ਅਤੇ ਪੁਲੀਸ ਵੈਰੀਫਿਕੇਸ਼ਨ ਕਰਵਾਉਣੀ ਪਵੇਗੀ।
ਇਸੇ ਤਰ੍ਹਾਂ ਪਿੰਡ ਰਸੂਲਪੁਰ ਦੇ ਸਰਪੰਚ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਪਰਵਾਸੀਆਂ ਵਿਰੁੱਧ ਮਤਾ ਪਾਸ ਕੀਤਾ ਗਿਆ ਹੈ। ਮਤੇ ਅਨੁਸਾਰ ਕੋਈ ਵੀ ਵਿਅਕਤੀ ਆਪਣੀ ਜ਼ਮੀਨ ਕਿਸੇ ਵੀ ਪਰਵਾਸੀ ਨੂੰ ਨਹੀਂ ਵੇਚੇਗਾ। ਪਿੰਡ ਵਿੱਚ ਰਹਿਣ ਵਾਲੇ ਪਰਵਾਸੀ ਦੇ ਪਿਛੋਕੜ ਦੀ ਤਸਦੀਕ ਕਰਨ ਦੀ ਜ਼ਿੰਮੇਵਾਰੀ ਮਕਾਨ ਮਾਲਕ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਪਰਵਾਸੀਆਂ ਦੀ ਕਈ ਅਪਰਾਧਿਕ ਮਾਮਲਿਆਂ ’ਚ ਸ਼ਮੂਲੀਅਤ ਹੋਣ ਮਗਰੋਂ ਇਨ੍ਹਾਂ ਖਿਲਾਫ਼ ਸਖ਼ਤ ਫੈਸਲੇ ਲੈਣਾ ਜ਼ਰੂਰੀ ਹੋ ਗਿਆ ਹੈ।
ਇਸੇ ਤਰ੍ਹਾਂ ਪਿੰਡ ਚਡਿਆਲ ਦੇ ਸਰਪੰਚ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਪੰਚਾਇਤ ਵੱਲੋਂ ਪਾਸ ਕੀਤੇ ਮਤੇ ਅਨੁਸਾਰ ਪਿੰਡ ਵਿੱਚ ਕਿਸੇ ਵੀ ਪਰਵਾਸੀ ਨੂੰ ਕੋਈ ਜ਼ਮੀਨ, ਪਲਾਟ ਜਾਂ ਘਰ ਨਹੀਂ ਵੇਚਿਆ ਜਾਵੇਗਾ, ਨਾ ਹੀ ਪਿੰਡ ਵਿੱਚ ਕਿਸੇ ਪਰਵਾਸੀ ਦਾ ਆਧਾਰ ਕਾਰਡ ਜਾਂ ਵੋਟਰ ਕਾਰਡ ਬਣਾਇਆ ਜਾਵੇਗਾ। ਇਸ ਦੀ ਉਲੰਘਣਾ ਕਰਨ ਵਾਲੇ ਪਿੰਡ ਦੇ ਵਸਨੀਕ ਖਿਲਾਫ਼ ਪੰਚਾਇਤ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮਤਾ ਕਿਸੇ ਜਾਤ ਜਾਂ ਹੋਰ ਤਰ੍ਹਾਂ ਦੇ ਵਿਤਕਰੇ ਲਈ ਪਾਸ ਨਹੀਂ ਕੀਤਾ ਗਿਆ। ਇਹ ਪਿੰਡ ਦੀ ਭਲਾਈ ਅਤੇ ਪਿੰਡ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਸ ਕੀਤਾ ਗਿਆ ਹੈ।