ਵਿਧਾਇਕ ਦੇ ਘਰ ’ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ’ਚ ਤਿੰਨ ਨੌਜਵਾਨ ਗ੍ਰਿਫ਼ਤਾਰ
ਮਹਿਲ ਕਲਾਂ ਦੇ ਪਿੰਡ ਪੰਡੋਰੀ ਵਿਖੇ 15 ਅਗਸਤ ਨੂੰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਘਰ ਅਤੇ ਹੋਰ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਬਰਨਾਲਾ ਪੁਲੀਸ ਨੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ।
ਇਸ ਸਬੰਧੀ ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ 14 ਅਗਸਤ ਦੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਕੋਠੀ ਸਮੇਤ ਪਿੰਡ ਦੀਆਂ ਹੋਰ ਥਾਵਾਂ ਉੱਪਰ ਖਾਲਿਸਤਾਨੀ ਨਾਅਰੇ ਲਿਖੇ ਗਏ ਸਨ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਸਥਿਤੀ ਦਾ ਜਾਇਜ਼ਾ ਲਿਆ।
ਇਸ ਮਾਮਲੇ ਵਿੱਚ ਵਿਧਾਇਕ ਦੇ ਗੰਨਮੈਨ ਹਰਦੀਪ ਸਿੰਘ ਦੇ ਬਿਆਨ ਦੇ ਆਧਾਰ ‘ਤੇ ਥਾਣਾ ਮਹਿਲ ਕਲਾਂ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਉਹਨਾਂ ਦੱਸਿਆ ਕਿ ਪੁਲੀਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਜਾਂਚ ਅੱਗੇ ਵਧਾਉਂਦਿਆਂ ਤਿੰਨ ਨੌਜਵਾਨਾਂ ਗੁਰਮੀਤ ਸਿੰਘ, ਗੁਰਸੇਵਕ ਸਿੰਘ ਉਰਫ਼ ਮਨੀ ਅਤੇ ਕਿਰਪਾ ਸਿੰਘ ਤਿੰਨੇ ਵਾਸੀ ਮਹਿਲ ਖੁਰਦ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।