ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਬੰਗਲੂਰੂ ਵਿੱਚ ਕਿਸਾਨ ਆਗੂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਬੁਲਾਰੇ ਰਾਕੇਸ਼ ਟਿਕੈਤ ’ਤੇ ਹਮਲੇ ਦੀ ਨਿਖੇਧੀ ਕੀਤੀ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ, ਭਾਜਪਾ ਦੇ ਸੂਬਾ ਮੀਤ ਪ੍ਰਧਾਨ, ਮੌਜੂਦਾ ਗ੍ਰਹਿ ਮੰਤਰੀ ਅਤੇ ਸਿੰਜਾਈ ਮੰਤਰੀ ਦੇ ਨਾਲ ਇਸ ਮੁਲਜ਼ਮ ਦੀ ਵਾਇਰਲ ਹੋਈ ਤਸਵੀਰ ਨੇ ਹੁਣ ਸਪੱਸ਼ਟ ਕਰ ਦਿੱਤਾ ਹੈ ਕਿ ਕਿਸਾਨ ਆਗੂ ਉੱਤੇ ਹਮਲਾ ਭਾਜਪਾ ਦੀ ਸ਼ਹਿ ’ਤੇ ਕੀਤਾ ਗਿਆ ਸੀ। ਇਹ ਵੀ ਸਪੱਸ਼ਟ ਹੈ ਕਿ ਇੱਕ ਟੀਵੀ ਚੈਨਲ ਵੱਲੋਂ ਕਿਸਾਨ ਅੰਦੋਲਨ ਖ਼ਿਲਾਫ਼ ਪ੍ਰਚਾਰ ਕਾਰਨ ਬਣੇ ਤਣਾਅਪੂਰਨ ਮਾਹੌਲ ਦੇ ਬਾਵਜੂਦ ਸੂਬੇ ਦੀ ਭਾਜਪਾ ਸਰਕਾਰ ਨੇ ਸੁਰੱਖਿਆ ਦੇ ਕੋਈ ਪ੍ਰਬੰਧ ਨਹੀਂ ਕੀਤੇ ਸਨ। ਆਗੂਆਂ ਨੇ ਕਿਹਾ ਕਿ ਇਸ ਨੂੰ ਆਮ ਘਟਨਾ ਕਹਿ ਕੇ ਨਜ਼ਰਅੰਦਾਜ਼ ਕਰਨਾ ਠੀਕ ਨਹੀਂ ਹੋਵੇਗਾ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਤੇ ਸੁਰੱਖਿਆ ਵਿੱਚ ਕੁਤਾਹੀ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਜਾਵੇ। ਆਗੂਆਂ ਨੇ ਘਟਨਾ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਹੈ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿਸਾਨੀ ਮੰਗਾਂ ਲਈ ਸੰਘਰਸ਼ ਭਖ਼ਾ ਕੇ ਭਾਜਪਾ ਸਰਕਾਰ ਦੀਆਂ ਸਾਜ਼ਿਸ਼ਾਂ ਦਾ ਠੋਕਵਾਂ ਜੁਆਬ ਦਿੱਤਾ ਜਾਵੇਗਾ।