ਦਵਿੰਦਰ ਪਾਲ
ਚੰਡੀਗੜ੍ਹ, 9 ਅਗਸਤ
ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਨੇ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਡਾਲੇਕੇ ’ਚੋਂ ਟਿਫਿਨ ਬੰਬ (ਟਿਫ਼ਿਨ ਬਾਕਸ ਜਿਸ ਨੂੰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਵਜੋਂ ਤਿਆਰ ਕੀਤਾ ਹੁੰਦਾ ਹੈ), ਪੰਜ ਹੈਂਡ ਗ੍ਰਨੇਡ ਅਤੇ 9 ਐੱਮਐੱਮ ਪਿਸਤੌਲ ਦੇ 100 ਰੌਂਦ ਬਰਾਮਦ ਹੋਣ ਦਾ ਦਾਅਵਾ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਵਿਸਫੋਟਕ ਸਮੱਗਰੀ ਤੇ ਅਸਲਾ ਬਰਾਮਦ ਹੋਣ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਨੇ ਕਿਹਾ ਕਿ ਡਾਲੇਕੇ, ਬਚੀਵਿੰਡ ਅਤੇ ਸਹੋਹਰਾ ਪਿੰਡਾਂ ਦੇ ਖੇਤਰ ਵਿੱਚ ਡਰੋਨ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਦੌਰਾਨ ਪੁਲੀਸ ਦੀ ਟੀਮ ਨੇ ਬੱਚਿਆਂ ਦਾ ਟਿਫਿਨ ਜਿਸ ਉੱਤੇ ‘ਮਿਨੀਅਨਜ਼’ ਕਾਰਟੂਨ ਦੀ ਤਸਵੀਰ ਬਣੀ ਹੋਈ ਸੀ ਅਤੇ ਹੋਰ ਗੋਲਾ ਬਾਰੂਦ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਇਹ ਬੈਗ ਸਰਹੱਦ ਪਾਰੋਂ ਆਏ ਡਰੋਨ ਰਾਹੀਂ ਪਹੁੰਚਾਇਆ ਗਿਆ ਸੀ। ਸ੍ਰੀ ਗੁਪਤਾ ਨੇ ਕਿਹਾ ਕਿ ਰਾਜ ਭਰ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉਧਰ ਜੰਮੂ ਤੇ ਕਸ਼ਮੀਰ ਜ਼ਿਲ੍ਹੇ ਦੇ ਪੁਣਛ ਵਿੱਚ ਸੀਮਾ ਸੁਰੱਖਿਆ ਬਲ ਨੇ ਭਾਰੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਦਾ ਜ਼ਖੀਰਾ ਬਰਾਮਦ ਕੀਤਾ ਹੈ।