ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦੀ ਸਮਾਗਮਾਂ ਲਈ ਸਖ਼ਤ ਸੁਰੱਖਿਆ ਪ੍ਰਬੰਧ

ਡੀ ਜੀ ਪੀ ਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲਿਆ; 8 ਹਜ਼ਾਰ ਪੁਲੀਸ ਮੁਲਾਜ਼ਮ ਹੋਣਗੇ ਤਾਇਨਾਤ
ਸ੍ਰੀ ਆਨੰਦਪੁਰ ਸਾਹਿਬ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀ ਜੀ ਪੀ ਗੌਰਵ ਯਾਦਵ।
Advertisement

ਸ੍ਰੀ ਗੁਰੂ ਤੇਗ ਬਹਾਦਰਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਸਮਾਗਮਾਂ ਲਈ ਪੰਜਾਬ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੰਜਾਬ ਪੁਲੀਸ ਦੇ ਮੁਖੀ ਡੀ ਜੀ ਪੀ ਗੌਰਵ ਯਾਦਵ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਯਾਦਵ ਨੇ ਦੱਸਿਆ ਕਿ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਦੇ ਆਉਣ ਦੀ ਸੰਭਾਵਨਾ ਹੈ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲੀਸ ਵੱਲੋਂ ਭਾਰੀ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਹੈ। ਲਗਪਗ 8,000 ਪੁਲੀਸ ਮੁਲਾਜ਼ਮਾਂ ਨੂੰ ਡਿਊਟੀ ’ਤੇ ਲਾਇਆ ਜਾਵੇਗਾ, ਜਦਕਿ 300 ਤੋਂ ਵੱਧ ਸੀ ਸੀ ਟੀ ਵੀ ਕੈਮਰੇ, ਡਰੋਨ ਅਤੇ ਵਰਦੀਧਾਰੀ ਤੇ ਸਿਵਲ ਕੱਪੜਿਆਂ ’ਚ ਜਵਾਨ ਤਾਇਨਾਤ ਰਹਿਣਗੇ। ਗੁਆਂਢੀ ਦੇਸ਼ ਵੱਲੋਂ ਅੰਦਰੂਨੀ ਸੁਰੱਖਿਆ ਨੂੰ ਚੁਣੌਤੀ ਦੇਣ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ਕਰਕੇ ਪੰਜਾਬ ਪੁਲੀਸ ਵੱਲੋਂ ਪੂਰੇ ਸੂਬੇ ਦੀ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਥਾਵਾਂ ’ਤੇ ਪਾਰਕਿੰਗ ਵਿਵਸਥਾ, ਸ਼ਟਲ ਬੱਸ ਸਹੂਲਤ ਅਤੇ ਐਂਬੂਲੈਂਸਾਂ ਦੀ ਤਾਇਨਾਤੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਤੁਰੰਤ ਨਜਿੱਠਿਆ ਜਾ ਸਕੇ। ਇਸ ਤੋਂ ਇਲਾਵਾ ਟਰੈਫਿਕ ਵਿਵਸਥਾ ਨੂੰ ਦਰੁਸਤ ਰੱਖਣ ਲਈ ਪੁਲੀਸ ਮੁਲਾਜ਼ਮਾਂ ਦੇ ਨਾਲ-ਨਾਲ ਇੱਕ ਐਪ ਵੀ ਤਿਆਰ ਕੀਤੀ ਗਈ ਹੈ ਜਿਸ ਰਾਹੀਂ ਲੋਕਾਂ ਨੂੰ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ਸਮਾਰੋਹ ਦੌਰਾਨ ਪੁਲੀਸ ਦੀ ਕੋਈ ਵੀ ਗੱਡੀ ਸਾਇਰਨ ਨਹੀਂ ਵਜਾਏਗੀ ਅਤੇ ਸਾਰੇ ਅਧਿਕਾਰੀ, ਪੁਲੀਸ ਦੇ ਜਵਾਨ ਆਮ ਸ਼ਰਧਾਲੂਆਂ ਵਾਂਗ ਸੇਵਾ ਕਰਨਗੇ। ਡੀ ਜੀ ਪੀ ਨੇ ਚਿਤਾਵਨੀ ਦਿੱਤੀ ਕਿ ਹੁੱਲੜਬਾਜ਼, ਜੇਬ ਕਤਰਿਆਂ ਅਤੇ ਸ਼ਰਾਰਤੀ ਅਨਸਰਾਂ ’ਤੇ ਖਾਸ ਨਜ਼ਰ ਰੱਖੀ ਜਾਵੇਗੀ ਤੇ ਅਜਿਹੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement

ਤਰਨ ਤਾਰਨ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਵੱਲੋਂ ਐੱਸ ਐੱਸ ਪੀ ਖ਼ਿਲਾਫ਼ ਕੀਤੀ ਕਾਰਵਾਈ ਤੋਂ ਬਾਅਦ ਵਿਭਾਗ ਵੱਲੋਂ ਸਬੰਧਤ ਅਫ਼ਸਰ ਖ਼ਿਲਾਫ਼ ਕੋਈ ਕਾਰਵਾਈ ਕਰਨ ਬਾਰੇ ਪੁੱਛੇ ਸਵਾਲ ’ਤੇ ਡੀ ਜੀ ਪੀ ਨੇ ਕਿਹਾ ਕਿ ਇਹ ਮਾਮਲਾ ਚੋਣ ਕਮਿਸ਼ਨ ਕੋਲ ਵਿਚਾਰ ਅਧੀਨ ਹੈ, ਇਸ ਲਈ ਉਹ ਇਸ ’ਤੇ ਟਿੱਪਣੀ ਨਹੀਂ ਕਰ ਸਕਦੇ। ਇਸ ਮੌਕੇ ਵੱਡੀ ਗਿਣਤੀ ਪੁਲੀਸ ਅਧਿਕਾਰੀ ਤੇ ਜਵਾਨ ਵੀ ਮੌਜੂਦ ਸਨ।

Advertisement
Show comments