ਜੋਗਿੰਦਰ ਸਿੰਘ ਮਾਨ
ਮਾਨਸਾ, 30 ਅਕਤੂਬਰ
ਦਿੱਲੀ ਦੇ ਟਿੱਕਰੀ ਬਾਰਡਰ ’ਤੇ ਟਿੱਪਰ ਦੀ ਟੱਕਰ ਕਾਰਨ ਸ਼ਹੀਦ ਹੋਈਆਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂਵਾਲਾ ਦੀਆਂ ਤਿੰਨ ਬੀਬੀਆਂ ਅਮਰਜੀਤ ਕੌਰ, ਸੁਖਵਿੰਦਰ ਕੌਰ ਅਤੇ ਗੁਰਮੇਲ ਕੌਰ ਲਈ ਪੰਜਾਬ ਸਰਕਾਰ ਵੱਲੋਂ ਐਲਾਨੀ ਪੰਜ-ਪੰਜ ਲੱਖ ਰੁਪਏ ਦੀ ਮੁਆਵਜ਼ਾ ਰਕਮ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਰੱਦ ਕਰਦਿਆਂ ਮੰਗ ਕੀਤੀ ਕਿ ਮੁਆਵਜ਼ਾ ਰਕਮ ਵਧਾ ਕੇ 10-10 ਲੱਖ ਰੁਪਏ ਕੀਤੀ ਜਾਵੇ। ਇਨ੍ਹਾਂ ਬੀਬੀਆਂ ਦਾ ਸੰਗਰਾਮੀ ਨਾਅਰਿਆਂ ਹੇਠ ਬੀਤੀ ਦੇਰ ਸ਼ਾਮ ਪਿੰਡ ਖੀਵਾ ਦਿਆਲੂਵਾਲਾ ਵਿਚ ਸਸਕਾਰ ਕਰ ਦਿੱਤਾ ਗਿਆ ਸੀ। ਜਥੇਬੰਦੀ ਨੇ ਐਲਾਨ ਕੀਤਾ ਜੇਕਰ ਮੁਆਵਜ਼ਾ ਰਾਸ਼ੀ ਵਿਚ ਵਾਧਾ ਨਾ ਕੀਤਾ ਗਿਆ ਤਾਂ ਦੋ ਨਵੰਬਰ ਨੂੰ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਅੱਗੇ ਧਰਨਾ ਸ਼ੁਰੂ ਕੀਤਾ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਪੰਜਾਬ ਸਰਕਾਰ ਦੀ ਮੁਆਵਜ਼ਾ ਰਾਸ਼ੀ ਨੂੰ ਸ਼ਹੀਦਾਂ ਦੇ ਪਰਿਵਾਰਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉੱਤਰ ਪ੍ਰਦੇਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦੇ ਸਕਦੀ ਹੈ ਪਰ ਖੀਵਾ ਦਿਆਲੂਵਾਲਾ ਦੇ ਪੀੜਤ ਪਰਿਵਾਰਾਂ ਨੂੰ ਸਿਰਫ਼ ਮਹਿਜ਼ ਪੰਜ-ਪੰਜ ਲੱਖ ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ 50 ਲੱਖ ਰੁਪਏ ਮੁਆਵਜ਼ਾ ਦੇਣਾ ਚੰਗੀ ਗੱਲ ਹੈ, ਪਰ ਜਥੇਬੰਦੀ ਮਹਿਸੂਸ ਕਰਦੀ ਹੈ ਕਿ ਟਿਕਰੀ ਬਾਰਡਰ ’ਤੇ ਵਾਪਰੀ ਟਿੱਪਰ ਘਟਨਾ ਵੀ ਉਸੇ ਤਰ੍ਹਾਂ ਦੀ ਹੈ, ਜਿਸ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਯੂਪੀ ਵਿੱਚ ਮਰਦ ਕਿਸਾਨਾਂ ਦੀਆਂ ਸ਼ਹੀਦੀਆਂ ਹੋਈਆਂ ਸਨ, ਪਰ ਟਿਕਰੀ ਘਟਨਾ ਵਿੱਚ ਇੱਕੋ ਪਿੰਡ ਦੀਆਂ ਤਿੰਨ ਬੀਬੀਆਂ ਸ਼ਹੀਦ ਹੋਈਆਂ ਹਨ ਅਤੇ ਦੋ ਫੱਟੜ ਹੋਈਆਂ ਹਨ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਸ਼ਹੀਦ ਬੀਬੀਆਂ ਦੇ ਪਰਿਵਾਰਾਂ ਨਾਲ ਇਨਸਾਫ਼ ਨਹੀਂ ਕੀਤਾ ਹੈ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ 10-10 ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇੱਕ-ਇੱਕ ਜੀਅ ਨੂੰ ਸਰਕਾਰੀ ਨੌਕਰੀ ਸਣੇ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਘਟਨਾ ’ਚ ਜਖ਼ਮੀ ਹੋਈਆਂ ਇਸੇ ਪਿੰਡ ਦੀਆਂ ਦੋ ਔਰਤਾਂ ਨੂੰ ਇਲਾਜ ਲਈ ਮੁਆਵਜ਼ਾ ਰਕਮ ਜਾਰੀ ਕੀਤੀ ਜਾਵੇ।